For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ

08:04 AM Apr 16, 2024 IST
‘ਆਪ’ ਵੱਲੋਂ ਲੋਕ ਸਭਾ ਚੋਣਾਂ ਲਈ ਰਣਨੀਤੀ ਤਿਆਰ
ਚੰਡੀਗੜ੍ਹ ਵਿੱਚ ‘ਆਪ’ ਆਗੂ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਪਰੈਲ
ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੌਰਾਨ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਲਈ ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ‘ਆਪ’ ਚੰਡੀਗੜ੍ਹ ਦੇ ਸਹਿ ਇੰਚਾਰਜ ਡਾ. ਐੱਸਐੱਸ ਆਹਲੂਵਾਲੀਆ ਦੀ ਅਗਵਾਈ ਹੇਠ ਸੈਕਟਰ-35 ਵਿਖੇ ਕੀਤੀ ਗਈ ਹੈ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਖੁੱਲ ਕੇ ਚਰਚਾ ਕੀਤੀ ਗਈ।
ਡਾ. ਐਸ.ਐਸ. ਆਹਲੂਵਾਲੀਆ ਨੇ ਕਿਹਾ ਅੱਜ ਪੂਰਾ ਦੇਸ਼ ਭਾਜਪਾ ਦੀਆਂ ਲੋਕ ਵਿਰੋਧੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਚੁੱਕਾ ਹੈ। ਪਿਛਲੇ 10 ਸਾਲਾਂ ਦੌਰਾਨ ਭਾਜਪਾ ਨੇ ਪੂਰੇ ਦੇਸ਼ ਦਾ ਬੁਰਾ ਹਾਲ ਕਰ ਦਿੱਤਾ ਹੈ। ਚੰਡੀਗੜ੍ਹ ਵਾਸੀ ਬੁਨਿਆਦੀ ਸਹੂਲਤਾਂ ਨੂੰ ਵੀ ਤਰਸੇ ਪਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਇੰਡੀਆ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਵੱਡੇ ਫਰਕ ਨਾਲ ਜਿਤਾਉਣ ਲਈ ਸ਼ਹਿਰ ਦੇ ਹਰ ਘਰ ਵਿੱਚ ਜਾਵੇਗੀ। ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਇੰਡੀਆ ਗੱਠਜੋੜ ਦੇ ਉਮੀਦਵਾਰ ਦੀ ਅੱਜ ਤੱਕ ਦੀ ਇਤਿਹਾਸਕ ਜਿੱਤ ਹੋਵੇਗੀ।
ਮੇਅਰ ਕੁਲਦੀਪ ਕੁਮਾਰ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਚੰਡੀਗੜ੍ਹ ਸ਼ਹਿਰ ਦਾ ਬੁਰਾ ਹਾਲ ਕਰ ਦਿੱਤਾ ਹੈ। ਸ਼ਹਿਰ ਵਾਸੀ ਭਾਜਪਾ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਮੇਅਰ ਚੋਣ ਦੌਰਾਨ ਭਾਜਪਾ ਵੱਲੋਂ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ, ਜਿਸ ਦਾ ਲੋਕ ਬਦਲਾ ਲੈਣ ਲਈ ਇੰਡੀਆ ਗੱਠਜੋੜ ਦੇ ਉਮੀਦਵਾਰ ਨੂੰ ਕਾਮਯਾਬ ਕਰਨਗੇ। ਇਸ ਮੌਕੇ ਪ੍ਰੇਮ ਗਰਗ, ਪ੍ਰਦੀਪ ਛਾਬੜਾ, ਚੰਦਰਮੁਖੀ ਸ਼ਰਮਾ, ਵਿਕਰਮ ਧਵਨ, ਵਿਜੇਪਾਲ, ਮੀਨਾ ਸ਼ਰਮਾ, ਪੀਪੀ ਘਈ, ਕੌਂਸਲਰ ਯੋਗੇਸ਼ ਢੀਂਗਰਾ, ਪ੍ਰੇਮ ਲਤਾ, ਦਮਨਪ੍ਰੀਤ ਸਿੰਘ, ਜਸਵੀਰ ਸਿੰਘ ਲਾਡੀ, ਰਾਮ ਚੰਦਰ ਯਾਦਵ, ਅੰਜੂ ਕਟਿਆਲ, ਮਨੋਵਰ, ਜਸਵਿੰਦਰ ਕੌਰ, ਸੁਮਨ ਸ਼ਰਮਾ, ਨੇਹਾ ਮੁਸਾਵਤ ਅਤੇ ਪੂਨਮ ਕੁਮਾਰੀ ਸਣੇ ਪਾਰਟੀ ਵਰਕਰ ਮੌਜੂਦ ਰਹੇ।

Advertisement

ਭਾਜਪਾ ਉਮੀਦਵਾਰ ਵੱਲੋਂ ਵੀ ਚੰਡੀਗੜ੍ਹ ਦੇ ਜੱਦੀ ਪੁਸ਼ਤੀ ਲੋਕਾਂ ਨਾਲ ਮੀਟਿੰਗ

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਚੰਡੀਗੜ੍ਹ ਦੇ ਜੱਦੀ ਪੁਸ਼ਤੀ ਲੋਕਾਂ ਨਾਲ ਪਿੰਡ ਕਿਸ਼ਨਗੜ੍ਹ ਵਿੱਚ ਮੀਟਿੰਗ ਕੀਤੀ। ਇਸ ਦੌਰਾਨ 22 ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਸ੍ਰੀ ਟੰਡਨ ਨੂੰ ਆਪਣੀਆਂ ਸਮੱਸਿਆਵਾ ਬਾਰੇ ਜਾਣੂ ਕਰਵਾਇਆ। ਸ੍ਰੀ ਟੰਡਨ ਨੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪਿੰਡਾਂ ਵਿੱਚ ਲਾਲ ਡੋਰੇ ਸਣੇ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਵਿੱਚ ਚੰਡੀਗੜ੍ਹ ਦੇ ਹਰੇਕ ਇਲਾਕੇ ਦਾ ਵਿਕਾਸ ਹੋਇਆ ਹੈ। ਇਸੇ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਲਿਜਾਣ ਲਈ ਦੇਸ਼ ਵਿੱਚ ਭਾਜਪਾ ਦਾ ਤੀਜੀ ਵਾਰ ਸੱਤਾ ਵਿੱਚ ਆਉਣਾ ਜ਼ਰੂਰੀ ਹੈ। ਸ੍ਰੀ ਟੰਡਨ ਨੇ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਵਿੱਤੀ ਮਦਦ ਦਿੱਤੀ ਜਾਂਦੀ ਹੈ। ਇਹ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਤੋਂ ਇਲਾਵਾ ਦੇਸ਼ ਵਿੱਚ ਲੋਕਾਂ ਨੂੰ ਮੁਫ਼ਤ ਅਨਾਜ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਦੇਸ਼ ਆਰਥਿਕ ਪੱਖ ਤੋਂ ਮਜ਼ਬੂਤ ਹੋ ਰਿਹਾ ਹੈ ਅਤੇ ਤਕਨੀਕ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਵਿੱਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਪੁਰਾ ਕੀਤਾ ਜਾਵੇਗਾ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸਾਬਕਾ ਪ੍ਰਧਾਨ ਅਰੁਣ ਸੂਦ, ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ।

Advertisement
Author Image

Advertisement
Advertisement
×