‘ਆਪ’ ਨੇ ਮਜੀਠੀਆ ਵਿਰੁੱਧ ਡਰੱਗਜ਼ ਮਾਮਲੇ ’ਚ ਈਡੀ ਦੇ ਦਾਖ਼ਲੇ ’ਤੇ ਚੁੱਕੇ ਸਵਾਲ
ਆਤਿਸ਼ ਗੁਪਤਾ
ਚੰਡੀਗੜ੍ਹ, 12 ਸਤੰਬਰ
ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਡਰੱਗਜ਼ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਐਂਟਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਰਾਹੀਂ ਜਾਂਚ ਮਜੀਠੀਆ ਨੂੰ ਕਲੀਨ ਚਿੱਟ ਦੇਣ ਲਈ ਹੈ, ਕਿਉਂਕਿ ਉਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨਾਲ ਚੰਗੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਲਗਦਾ ਹੈ ਕਿ ਜੇ ਮਾਮਲਾ ਈਡੀ ਕੋਲ ਜਾਂਦਾ ਹੈ ਤਾਂ ਉਸ ਨੂੰ ਕਲੀਨ ਚਿੱਟ ਮਿਲ ਜਾਵੇਗੀ, ਕਿਉਂਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਜੀਠੀਆ ਨੂੰ ਬਹੁਤੀ ਰਾਹਤ ਨਹੀਂ ਮਿਲੇਗੀ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਵੀ ਆਪਣੀ ਜਾਂਚ ਜਾਰੀ ਰੱਖੇਗੀ। ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਸਜ਼ਾ ਹੋਵੇਗੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਜਾਂਚ ਕਿਸੇ ਸਿਰੇ ’ਤੇ ਪਹੁੰਚੇਗੀ, ਚਲਾਨ ਪੇਸ਼ ਕੀਤਾ ਜਾਵੇਗਾ। ਐੱਸਆਈਟੀ ਪੂਰੀ ਆਜ਼ਾਦੀ ਨਾਲ ਜਾਂਚ ਕਰ ਰਹੀ ਹੈ ਅਤੇ ਉਹ ਦੋਸ਼ੀਆਂ ਨੂੇ ਸਖਤ ਸਜ਼ਾ ਦਿਵਾ ਕੇ ਰਹੇਗੀ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਿਸੇ ਵੀ ਤਰ੍ਹਾਂ ਦੀ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਪੰਜਾਬ ਵਿੱਚ ਨਸ਼ਾ ਤਸਕਰਾਂ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।