ਪੂੰਜੀਪਤੀਆਂ ਦੇ ਇਸ਼ਾਰਿਆਂ ’ਤੇ ਚੱਲਣ ਲੱਗੀ ‘ਆਪ’: ਕਰਨ ਸਿੰਘ
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 1 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਇੱਥੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀਆਂ ਰੱਦ ਕਰਕੇ ਸਾਇਲੋ ਪਲਾਂਟਾਂ ਨੂੰ ਮਨਜ਼ੂਰੀ ਦਿੱਤੀ ਹੈ। ਅਜਿਹੇ ਕਿਸਾਨ ਮਜ਼ਦੂਰ ਵਿਰੋਧੀ ਫੈਸਲਿਆਂ ਕਾਰਨ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਨਕਸ਼ੇ ਕਦਮਾਂ ਤੇ ਚੱਲ ਪਈ ਹੈ ਅਤੇ ਆਪ ਸਰਕਾਰ ਵੀ ਪੂੰਜੀਪਤੀਆਂ ਦੇ ਇਸ਼ਾਰੇ ’ਤੇ ਚੱਲਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਾਣ-ਬੁੱਝ ਕੇ ਪੰਜਾਬ ਵਿਚ ਸਰਕਾਰੀ ਖਰੀਦ ਮੰਡੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ 22 ਫਸਲਾਂ ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਇਸ ਵਾਅਦੇ ਤੋਂ ਸਰਕਾਰ ਮੁੱਕਰ ਗਈ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ, ਯੂਥ ਆਗੂ ਲਖਵੀਰ ਸਿੰਘ ਲੱਖੀ, ਗੁਰਦੀਪ ਸਿੰਘ ਭਲਵਾਨ, ਮਸਤਾਨ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਕੁਲਵੀਰ ਸਿੰਘ ਹਾਜ਼ਰ ਸਨ।