ਹਰਿਆਣਾ ਚੋਣਾਂ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕ ਤੋਂ ਕਰਨਗੇ ਪ੍ਰਚਾਰ
ਆਤਿਸ਼ ਗੁਪਤਾ
ਚੰਡੀਗੜ੍ਹ, 14 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ‘ਆਪ’ ਆਗੂਆਂ ਦਾ ਹੌਸਲਾ ਵੱਧ ਗਿਆ ਹੈ, ਜਿਨ੍ਹਾਂ ਵੱਲੋਂ ਜ਼ੋਰ-ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉਧਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਚਾਰ ਮੁਹਿੰਮ ਦੀ ਅਗਵਾਈ ਕਰਨਗੇ। ਇਸ ਲਈ ‘ਆਪ’ ਸੁਪਰੀਮੋ ਨੇ ਰਣਨੀਤੀ ਤਿਆਰ ਕਰਨ ਲਈ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨਾਲ ਦੇਰ ਰਾਤ ਮੀਟਿੰਗ ਕੀਤੀ। ਕੇਜਰੀਵਾਲ ਵੱਲੋਂ ਹਰਿਆਣਾ ਵਿੱਚ 16 ਸਤੰਬਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ‘ਆਪ’ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਦੀਪ ਪਾਠਕ, ਸੰਜੈ ਸਿੰਘ, ਰਾਘਵ ਚੱਢਾ, ‘ਆਪ’ ਹਰਿਆਣਾ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਸਣੇ ਪੰਜਾਬ ਤੇ ਦਿੱਲੀ ਦੇ ਕੈਬਨਿਟ ਮੰਤਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ, ਜਿਨ੍ਹਾਂ ਵੱਲੋਂ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣ ਰੈਲੀਆਂ ਤੇ ਰੋਡ ਸ਼ੋਅ ਵਿੱਚ ਹਿੱਸਾ ਲਿਆ ਜਾਵੇਗਾ। ‘ਆਪ’ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਤੇ ਪੰਜਾਬ ਵਿੱਚ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਪ੍ਰਚਾਰਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਤੇ ਦਿੱਲੀ ਦੀ ਤਰਜ਼ ’ਤੇ ਹਰਿਆਣਾ ਵਿੱਚ ਵੀ ਨੌਜਵਾਨਾਂ ਨੂੰ ਰੁਜ਼ਗਾਰ, ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਵਰਗੀਆਂ ਗਾਰੰਟੀਆਂ ਨੂੰ ਪ੍ਰਚਾਰਿਆ ਜਾਵੇਗਾ। ‘ਆਪ’ ਵੱਲੋਂ ਹਰਿਆਣਾ ਵਿੱਚ ਭਾਜਪਾ ਸਰਕਾਰ ਦੀ 10 ਸਾਲਾਂ ਦੀ ਕਾਰਗੁਜ਼ਾਰੀ ਨੂੰ ਵੀ ਲੋਕਾਂ ਅੱਗੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਾਂ 5 ਅਕਤੂਬਰ ਨੂੰ ਪੈਣਗੀਆਂ।
ਹਰਿਆਣਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦਾ ਖ਼ਜ਼ਾਨਾ ਬਰਬਾਦ ਨਾ ਕਰੇ ਆਮ ਆਦਮੀ ਪਾਰਟੀ: ਬਾਜਵਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਵਿੱਚ ਚੋਣ ਪ੍ਰਚਾਰ ਲਈ ਕੇਜਰੀਵਾਲ ਦੀ ਹਵਾਈ ਯਾਤਰਾ ’ਤੇ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਗੁਜਰਾਤ, ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਕੁਝ ਹੋਰ ਸੂਬਿਆਂ ’ਚ ਚੋਣ ਪ੍ਰਚਾਰ ਦੌਰਾਨ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੂੰ ਹਵਾਈ ਯਾਤਰਾ ਕਰਵਾਈ ਸੀ ਤੇ ਪੰਜਾਬ ਦੇ ਟੈਕਸ ਭਰਨ ਵਾਲਿਆਂ ਦੇ ਪੈਸੇ ’ਚੋਂ ਕਰੋੜਾਂ ਰੁਪਏ ਦੀ ਦੁਰਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ ਸਾਰੀਆਂ ਸੀਟਾਂ ’ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਵਾਰ ਮੁੜ ਤੋਂ ‘ਆਪ’ ਸਰਕਾਰ ਵੱਲੋਂ ਕੇਜਰੀਵਾਲ ਦੀ ਹਵਾਈ ਯਾਤਰਾ ’ਤੇ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕੀਤਾ ਜਾ ਸਕਦਾ ਹੈ ਪਰ ਸੂਬੇ ਦੀ ਵਿਗੜ ਰਹੀ ਆਰਥਿਕ ਹਾਲਤ ਨੂੰ ਵੇਖਦਿਆਂ ਪੰਜਾਬ ਦਾ ਖ਼ਜ਼ਾਨਾ ਬਰਬਾਦ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।