‘ਆਪ’ ਨੇ ਅਪਰਾਧਿਕ ਘਟਨਾਵਾਂ ਦੇ ਮਾਮਲੇ ’ਚ ਭਾਜਪਾ ਨੂੰ ਘੇਰਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ’ਤੇ ਤਿੱਖਾ ਹਮਲਾ ਕੀਤਾ ਹੈ। ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰਾਂ ਅਪਰਾਧਾਂ ਅਤੇ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ। ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਅਪਰਾਧ ਆਪਣੇ ਸਿਖਰ ’ਤੇ ਹਨ। ਔਰਤਾਂ ਦੇ ਕਤਲ, ਲੁੱਟ-ਖੋਹ ਅਤੇ ਜਿਨਸੀ ਸ਼ੋਸ਼ਣ ਖੁੱਲ੍ਹੇਆਮ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਮਹਾਰਾਸ਼ਟਰ ਵਿੱਚ ਸੱਤਾਧਾਰੀ ਪਾਰਟੀ ਦੇ ਆਗੂ ਬਾਬਾ ਸਿੱਦੀਕੀ ਦਾ ਜਨਤਕ ਕਤਲ ਹੈ, ਭਾਵੇਂ ਕਿ ਉਸ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਨਾਲ ਹੀ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੈ। ਉਨ੍ਹਾਂ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਅਪਰਾਧ ਆਪਣੇ ਸਿਖਰ ’ਤੇ ਹੈ। ਕਤਲ, ਲੁੱਟ-ਖੋਹ, ਅਗਵਾ ਅਤੇ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਵਪਾਰੀਆਂ ‘ਤੇ ਗੋਲੀਬਾਰੀ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵੀ ਵਧ ਰਹੀਆਂ ਹਨ। ਇਸ ਦੇ ਬਾਵਜੂਦ ਕੇਂਦਰ ਤੋਂ ਲੈ ਕੇ ਰਾਜ ਤੱਕ ਦੀਆਂ ਭਾਜਪਾ ਸਰਕਾਰਾਂ ਇਨ੍ਹਾਂ ਅਪਰਾਧਾਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਗ੍ਰੇਟਰ ਕੈਲਾਸ਼ ਵਿੱਚ ਜਿਮ ਮਾਲਕ ਦਾ ਕਤਲ ਕੀਤਾ ਗਿਆ ਸੀ। ਇਸ ਵਿਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਵੀ ਸਾਹਮਣੇ ਆਇਆ ਸੀ। ਬਾਬਾ ਸਿੱਦੀਕੀ, ਸਿੱਧੂ ਮੂਸੇਵਾਲਾ ਅਤੇ ਕਰਨੀ ਸੈਨਾ ਦੇ ਪ੍ਰਧਾਨ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਸਾਹਮਣੇ ਆਇਆ ਹੈ। ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੈਠ ਕੇ ਦੇਸ਼ ਭਰ ਵਿੱਚ ਆਪਣਾ ਗੈਂਗ ਚਲਾ ਰਿਹਾ ਹੈ ਪਰ ਪੁਲੀਸ ਅਤੇ ਭਾਜਪਾ ਸਰਕਾਰਾਂ ਕੁਝ ਨਹੀਂ ਕਰ ਰਹੀਆਂ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ।
ਮਹਿਲਾ ਡਾਕਟਰ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਖ਼ਿਲਾਫ਼ ਕਾਰਵਾਈ ਮੰਗੀ
ਨਵੀਂ ਦਿੱਲੀ (ਪੱਤਰ ਪ੍ਰੇਰਕ):
ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਹਸਪਤਾਲ ਵਿੱਚ ਤਾਇਨਾਤ ਮਹਿਲਾ ਡਾਕਟਰ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਮੈਡੀਕਲ ਸੁਪਰਡੈਂਟ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅਜੇ ਤੱਕ ਐੱਮਐੱਸ ਖ਼ਿਲਾਫ਼ ਨਾ ਤਾਂ ਐਫਆਈਆਰ ਦਰਜ ਹੋਈ ਹੈ ਅਤੇ ਨਾ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਵਿੱਚ ਦੇਰੀ ਕਰਨ ਵਾਲੇ ਸਿਹਤ ਸਕੱਤਰ ਦੀਪਕ ਕੁਮਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਐੱਲਜੀ ਵੀਕੇ ਸਕਸੈਨਾ ਨੂੰ ਪੱਤਰ ਲਿਖਿਆ ਹੈ।