‘ਆਪ’ ਨੇ ਨਸ਼ਿਆਂ ਦੇ ਮਾਮਲੇ ’ਤੇ ਵਿਰੋਧੀ ਧਿਰਾਂ ਨੂੰ ਘੇਰਿਆ
ਆਤਿਸ਼ ਗੁਪਤਾ
ਚੰਡੀਗੜ੍ਹ, 28 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਨਸ਼ਿਆਂ ਦੇ ਪਸਾਰ ਦੇ ਮੁੱਦੇ ’ਤੇ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੇ ਨੇਤਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿਚ ਪਾ ਰਹੇ ਹਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਨੇ ਡਰੱਗ ਮਾਫੀਆ ਸਥਾਪਤ ਕੀਤਾ ਤੇ ਕਾਂਗਰਸ ਨੇ ਨਸ਼ਿਆਂ ਦੇ ਗਠਜੋੜ ਨੂੰ ਵਧਣ-ਫੁੱਲਣ ਦਿੱਤਾ ਹੈ ਪਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦਾ ਸਫ਼ਾਇਆ ਕਰੇਗੀ। ਸ੍ਰੀ ਸੌਂਧ ਨੇ ਕਿਹਾ ਕਿ ਬਾਬਾ ਬਕਾਲਾ ਵਿੱਚ ਇੱਕ ਕਾਂਗਰਸੀ ਆਗੂ ਤੋਂ ਕਥਿਤ 100 ਕਿਲੋ ਹੈਰੋਇਨ (500 ਕਰੋੜ ਰੁਪਏ) ਤੋਂ ਵੱਧ ਦੀ ਗ੍ਰਿਫ਼ਤਾਰੀ ਸਾਬਤ ਕਰਦੀ ਹੈ ਕਿ ਇਹ ਪਾਰਟੀਆਂ ਤੇ ਇਨ੍ਹਾਂ ਦੇ ਆਗੂ ਪੰਜਾਬ ਨੂੰ ਬਰਬਾਦ ਕਰਨ ਵਾਲੇ ਗੱਠਜੋੜ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਅਤੇ ਸੂਬੇ ਵਿੱਚ ਚੱਲ ਰਹੇ ਨਸ਼ਿਆਂ ਦੇ ਸੰਕਟ ਦਾ ਖੁਲਾਸਾ ਹੋ ਗਿਆ ਹੈ। ਸ੍ਰੀ ਸੌਂਧ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਉਸ ਦੇ ਭਤੀਜੇ ਜਸਕੀਰਤ ਸਿੰਘ ਨਾਲ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ, ਜਿਸ ਤੋਂ ਬਾਅਦ ਵਿੱਚ 28 ਗ੍ਰਾਮ ਹੈਰੋਇਨ ਅਤੇ 156,000 ਰੁਪਏ ਦੀ ਨਕਦੀ ਦੇ ਨਾਲ-ਨਾਲ ਹਰਿਆਣਾ ਅਤੇ ਦਿੱਲੀ ਵਿੱਚ ਰਜਿਸਟਰਡ ਕਈ ਲਗਜ਼ਰੀ ਵਾਹਨਾਂ ਦਾ ਪਰਦਾਫਾਸ਼ ਵੀ ਹੋਇਆ। ਕੈਬਨਿਟ ਮੰਤਰੀ ਨੇ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ।