ਅਕਾਲੀ ਦਲ-ਭਾਜਪਾ ਗੱਠਜੋੜ ਨਾਲ ‘ਆਪ’ ਨੂੰ ਕੋਈ ਫਰਕ ਨਹੀਂ ਪੈਣਾ: ਸੰਜੈ ਸਿੰਘ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੈ ਸਿੰਘ ਨੇ ਸੂਬੇ ਵਿੱਚ ਅਕਾਲੀ ਭਾਜਪਾ ਗੱਠਜੋੜ ਹੋਣ ਦੀ ਸੰਭਾਵਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਨਾਲ ਭਗਵੰਤ ਮਾਨ ਸਰਕਾਰ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਕਿਉਂਕਿ ਲੋਕ ਇਸ ਗੱਠਜੋੜ ਨੂੰ ਦਸ ਸਾਲ ਭੋਗ ਚੁੱਕੇ ਹਨ ਅਤੇ ਗੱਠਜੋੜ ਤੋਂ ਤੰਗ ਆ ਕੇ ਹੀ ਲੋਕਾਂ ਨੇ ਬਦਲਾਅ ਵਜੋਂ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਭ ਵਰਗਾਂ ਦੀ ਸਹਿਮਤੀ ਤੋਂ ਬਿਨਾਂ ਯੂਨੀਅਨ ਸਿਵਲ ਕੋਡ ਲਾਗੂ ਨਹੀਂ ਕਰਨਾ ਚਾਹੀਦਾ। ਉਹ ਅੱਜ ਇਥੇ ਸਥਾਨਕ ਅਦਾਲਤ ਵਿੱਚ ਪੇਸ਼ੀ ਭੁਗਤਣ ਆਏ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੰਜੈ ਸਿੰਘ ਖਿਲਾਫ 2017 ਵਿੱਚ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ ਜਿਸ ਦੀ ਅਗਲੀ ਸੁਣਵਾਈ ਦੋ ਅਗਸਤ ਨੂੰ ਨਿਰਧਾਰਿਤ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਯੂਨੀਅਨ ਸਿਵਲ ਕੋਡ ਬਾਰੇ ਆਪਣੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਕਰ ਦਿੱਤੀ ਗਈ ਹੈ। ਜਦੋਂ ਤੱਕ ਕੇਂਦਰ ਸਰਕਾਰ ਦੇਸ਼ ਦੇ ਸਭ ਵਰਗਾਂ ਦੀ ਇਸ ਸਬੰਧੀ ਸਹਿਮਤੀ ਨਹੀਂ ਲੈ ਲੈਂਦੀ, ਉਸ ਵੇਲੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਬਣਾਏ ਗਏ ਵਿਸ਼ੇਸ਼ ਕਾਨੂੰਨਾਂ ਦਾ ਕੀ ਬਣੇਗਾ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਿੱਖ ਭਾਈਚਾਰੇ ਦੇ ਆਨੰਦ ਮੈਰਿਜ ਐਕਟ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਇਸ ਦਾ ਕੀ ਬਦਲ ਹੋਵੇਗਾ।