ਕੇਂਦਰ ਦੀ ਵਧੀਕੀ ਬਰਦਾਸ਼ਤ ਨਹੀਂ ਕਰੇਗੀ ‘ਆਪ’: ਕਟਾਰੂਚੱਕ
ਐੱਨਪੀ ਧਵਨ
ਪਠਾਨਕੋਟ, 16 ਨਵੰਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ ਚੁੱਕ ਕੇ ਕੇਂਦਰ ਸਰਕਾਰ ਨੇ ਪੰਜਾਬ ਨਾਲ ਵਧੀਕੀ ਕੀਤੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਕੋਈ ਪਹਿਲਾ ਮੌਕਾ ਨਹੀਂ, ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਬੀਬੀਐੱਮਬੀ ਰਾਹੀਂ ਪੰਜਾਬ ਦੇ ਪਾਣੀਆਂ ਦਾ ਪ੍ਰਬੰਧ ਆਪਣੇ ਹੇਠ ਲੈ ਲਿਆ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀ ਇਸ ਵਧੀਕੀ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕਰੇਗੀ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਪਾਰਟੀ ਦਾ ਰੁਖ਼ ਸਪੱਸ਼ਟ ਕਰ ਚੁੱਕੀ ਹੈ। ਮੰਤਰੀ ਨੇ ਮਹਾਨ ਯੋਧੇ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 109 ਸਾਲ ਪਹਿਲਾਂ 16 ਨਵੰਬਰ 1915 ਨੂੰ ਇਸ ਮਹਾਨ ਯੋਧੇ ਤੇ ਇਸ ਦੇ 6 ਹੋਰ ਸਾਥੀਆਂ ਨੂੰ ਅੰਗਰੇਜ਼ ਹਕੂਮਤ ਨੇ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਸੀ। ਉਹ ਇਨ੍ਹਾਂ ਮਹਾਨ ਯੋਧਿਆਂ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਦੇਸ਼ ਦੇ ਲਈ ਆਪਣੇ-ਆਪ ਨੂੰ ਨਿਛਾਵਰ ਕਰ ਦਿੱਤਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸਰਨਾ ਵਿਖੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਇੱਕ ਡੀਪ ਬੋਰ ਦੇ ਕੰਮ ਦੀ ਸ਼ੁਰੂਆਤ ਕਰਨ ਲਈ ਪੁੱਜੇ ਹੋਏ ਸਨ। ਉਨ੍ਹਾਂ ਨਾਰੀਅਲ ਤੋੜ ਕੇ ਕੰਮ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਬੋਰ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਇਸ ਟਿਊਬਵੈੱਲ ਨੂੰ ਚਾਲੂ ਕਰ ਦਿੱਤਾ ਜਾਵੇਗਾ ਅਤੇ ਇਸ ਦੇ ਚਾਲੂ ਹੋ ਜਾਣ ਨਾਲ ਵਾਰਡ ਨੰਬਰ 43, 44 ਅਤੇ 45 ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮਿਲ ਸਕੇਗਾ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਬਲਜਿੰਦਰ ਕੌਰ, ਸੋਹਨ ਲਾਲ ਤੇ ਰਜਿੰਦਰ ਸਿੰਘ ਭਿੱਲਾ, ਗੋਲਡੀ ਸਰਨਾ ਹਾਜ਼ਰ ਸਨ।
ਮੁੱਖ ਮੰਤਰੀ ਨੂੰ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ
ਅੰਮ੍ਰਿਤਸਰ (ਮਨਮੋਹਨ ਸਿੰਘ ਢਿੱਲੋਂ): ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਨੇ ਕੇਂਦਰ ਵੱਲੋਂ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਦਾ ਵਿਰੋਧ ਦਰਜ ਜਿਤਾਇਆ ਹੈ। ਅਕਾਦਮੀ ਪ੍ਰਧਾਨ ਰਮੇਸ਼ ਯਾਦਵ ਅਤੇ ਸੰਘ ਦੇ ਪ੍ਰਧਾਨ ਭੁਪਿੰਦਰ ਸੰਧੂ ਨੇ ਕਿਹਾ ਕਿਇਹ ਮੋਦੀ ਸਰਕਾਰ ਵੱਲੋਂ ਪੰਜਾਬ ਨਾਲ ਕੀਤੀ ਗਈ ਵੱਡੀ ਬੇਇਨਸਾਫ਼ੀ ਹੈ, ਜਿਸ ਨੂੰ ਪੰਜਾਬ ਕਿਸੇ ਸੂਰਤ ਵਿਚ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਫੈਸਲਾ ਵਾਪਸ ਲਵੇ। ਆਗੂਆਂ ਨੇ ਸਰਕਾਰ ਦੇ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਵੱਧ ਰਹੇ ਦਖ਼ਲ ਖ਼ਿਲਾਫ਼ ਸਮੂਹ ਪੰਜਾਬੀਆਂ ਨੂੰ ਇੱਕ ਮੰਚ ’ ਤੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੰਜਾਬ ਨਾਲ ਹੋ ਰਹੇ ਧੱਕੇ ਵਿਰੁੱਧ, ਪੰਜਾਬ ਦੇ ਹੱਕਾਂ ਦੀ ਰਾਖੀ ਹਿੱਤ ਆਵਾਜ਼ ਬੁਲੰਦ ਕਰਨ ਅਤੇ ਕੋਈ ਠੋਸ ਕਦਮ ਚੁੱਕਣ ਲਈ ਅਪੀਲ ਕੀਤੀ ਹੈ।