‘ਆਪ’ ਦੀ ਕੇਂਦਰੀ ਆਰਡੀਨੈਂਸ ਖ਼ਿਲਾਫ਼ ਰੈਲੀ ਅੱਜ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਜੂਨ
ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਆਮ ਆਦਮੀ ਪਾਰਟੀ ਦੀ ਮਹਾਰੈਲੀ ਲਈ ਮੰਚ ਤਿਆਰ ਹੋ ਗਿਆ ਹੈ। ਪ੍ਰਬੰਧਕਾਂ ਅਨੁਸਾਰ 90 ਫੀਸਦੀ ਕੰਮ ਹੋ ਚੁੱਕਾ ਹੈ। ਇਹ ਰੈਲੀ 11 ਜੂਨ ਨੂੰ ਹੋਣ ਜਾ ਰਹੀ ਹੈ। ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਕੇਂਦਰ ਦੇ ਆਰਡੀਨੈਂਸ ਵਿਰੁੱਧ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਕੈਬਨਿਟ ਮੰਤਰੀ ਗੋਪਾਲ ਰਾਏ ਅੱਜ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਕੇਂਦਰ ਨੇ 19 ਮਈ ਨੂੰ ਕੌਮੀ ਰਾਜਧਾਨੀ ਵਿੱਚ ਇੱਕ ਆਰਡੀਨੈਂਸ ਜਾਰੀ ਕਰ ਕੇ ਸਿਵਲ ਸੇਵਾ ਅਥਾਰਿਟੀ ਦੀ ਸਥਾਪਨਾ ਕੀਤੀ ਅਤੇ ਸੇਵਾ ਨਾਲ ਸਬੰਧਤ ਮਾਮਲਿਆਂ ‘ਤੇ ਕਾਰਜਕਾਰੀ ਕੰਟਰੋਲ ਦਾ ਮੁੜ ਦਾਅਵਾ ਕੀਤਾ।
ਇਸ ਆਰਡੀਨੈਂਸ ਵਿਰੁੱਧ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮਰਥਨ ਹਾਸਲ ਕਰਨ ਲਈ ਵਿਰੋਧੀਆਂ ਪਾਰਟੀਆਂ ਦੇ ਨੇਤਾਵਾਂ ਤੱਕ ਪਹੁੰਚ ਕਰ ਰਹੇ ਹਨ। ਸ੍ਰੀ ਗੋਪਾਲ ਨੇ ਕਿਹਾ ਕਿ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਰੈਲੀ ਕੇਂਦਰ ਸਰਕਾਰ ਖਿਲਾਫ ਲੜਾਈ ਨੂੰ ਹੋਰ ਤੇਜ਼ ਕਰੇਗੀ। ‘ਆਪ’ ਵਾਲੰਟੀਅਰਾਂ ਅਨੁਸਾਰ ਰੈਲੀ ਦੀ ਸਟੇਜ ਨੂੰ ਪੀਲੇ ਅਤੇ ਨੀਲੇ ਰੰਗ ਵਿੱਚ ਸਜਾਇਆ ਗਿਆ ਹੈ, ਜੋ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਦਾ ਪ੍ਰਤੀਕ ਹੈ। ‘ਆਪ’ ਨੇਤਾ ਨੇ ਦਾਅਵਾ ਕੀਤਾ ਕਿ ਲਗਭਗ 1 ਲੱਖ ਲੋਕਾਂ ਦੇ ਪੁੱਜਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ‘ਆਪ’ ਆਗੂ ਆਦਿਲ ਖ਼ਾਨ ਨੇ ਕਿਹਾ ਕਿ ਅੱਠ ਸਾਲ ਪਹਿਲਾਂ ਦਿੱਲੀ ਦੇ ਲੋਕਾਂ ਨੇ ‘ਆਪ’ ਨੂੰ ਫਤਵਾ ਦਿੱਤਾ ਸੀ ਅਤੇ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ ਸਨ। ਅਦਾਲਤ ਰਾਹੀਂ ਸਰਕਾਰ ਨੂੰ ਕੁਝ ਸ਼ਕਤੀਆਂ ਮਿਲੀਆਂ ਸਨ ਪਰ ਮੋਦੀ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਦਿੱਲੀ ਸਰਕਾਰ ਦੀ ਸ਼ਕਤੀ ਨੂੰ ਹੋਰ ਘਟਾਉਣ ਲਈ ਆਰਡੀਨੈਂਸ ਲਿਆਂਦਾ ਹੈ।