ਐੱਨਓਸੀ ਦੀ ਸ਼ਰਤ ਖ਼ਤਮ ਕਰਨ ਨਾਲ ਲੋਕਾਂ ਨੂੰ ਮਿਲੇਗਾ ਫ਼ਾਇਦਾ: ਪਰਮਵੀਰ ਸਿੰਘ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ (ਸੋਧ) ਬਿੱਲ 2024 ਪੇਸ਼ ਕਰਨ ਤੋਂ ਬਾਅਦ ਨਾਜਾਇਜ਼ ਕਲੋਨੀਆਂ ਵਿੱਚ ਰਹਿ ਰਹੇ ਉਨ੍ਹਾਂ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ, ਜਿਨ੍ਹਾਂ ਦੀਆਂ ਰਜਿਸਟਰੀਆਂ ਐੱਨਓਸੀ ਕਾਰਨ ਨਹੀਂ ਹੋ ਰਹੀਆਂ ਸਨ। ਇਸ ਤੋਂ ਬਾਅਦ ਲੁਧਿਆਣਾ ਤੋਂ ‘ਆਪ’ ਦੇ ਸੀਨੀਅਰ ਆਗੂ ਤੇ ਵਕੀਲ ਪਰਮਵੀਰ ਸਿੰਘ ਪ੍ਰਿੰਸ ਨੇ ਮੁੱਖ ਮੰਤਰੀ ਦੇ ਇਸ ਫੈਸਲੈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ 31 ਜੁਲਾਈ ਤੋਂ ਪਹਿਲਾਂ 500 ਗਜ਼ ਤੱਕ ਮਕਾਨ ਜਾਂ ਪਲਾਟ ਖਰੀਦਿਆ ਹੈ, ਉਨ੍ਹਾਂ ਨੂੰ ਹੁਣ ਵੱਡੀ ਰਾਹਤ ਮਿਲੀ ਹੈ ਜਿਨ੍ਹਾਂ ਦੀਆਂ ਐੱਨਓਸੀ ਕਾਰਨ ਰਜਿਸਟਰੀਆਂ ਰੁਕੀਆਂ ਹੋਈਆਂ ਸਨ। ਉਨ੍ਹਾਂ ਨੂੰ ਹੁਣ ਆਪਣੇ ਮਕਾਨਾਂ ਤੇ ਪਲਾਟਾਂ ਦੀ ਮਾਲਕੀਅਤ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਆਮ ਜਨਤਾ ਨੂੰ ਵੱਡਾ ਫਾਇਦਾ ਮਿਲੇਗਾ, ਉੱਥੇ ਹੀ ਇਸ ਨਾਲ ਨਾਜਾਇਜ਼ ਕਲੋਨੀਆਂ ’ਤੇ ਰੋਕ ਵੀ ਲੱਗੇਗੀ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਵਿੱਚ 2 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ ਜਿਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਜਿਨ੍ਹਾਂ ਕੋਲ 31 ਜੁਲਾਈ ਤੱਕ ਦੇ ਪੱਕੇ ਬਿਆਨੇ ਹਨ, ਉਹ ਐੱਨਓਸੀ ਤੋਂ ਬਿਨਾਂ ਰਜਿਸਟਰੀ ਕਰਵਾ ਸਕਦੇ ਹਨ। ਜਿਨ੍ਹਾਂ ਨੂੰ ਕੋਈ ਮੁਸ਼ਕਲ ਆੋਵੇਗੀ ਤਾਂ ਉਹ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਜਾਂ ਫਿਰ ਖ਼ੁਦ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।