ਯਮੁਨਾਨਗਰ ਵਿੱਚ ਬੇਸਹਾਰਾ ਪਸ਼ੂਆਂ ਦੀ ਭਰਮਾਰ
ਦੇਵਿੰਦਰ ਸਿੰਘ
ਯਮੁਨਾਨਗਰ, 1 ਨਵੰਬਰ
ਇਸ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਹੈ। ਡੇਅਰੀ ਮਾਲਕ ਪਸ਼ੂਆਂ ਦਾ ਦੁੱਖ ਚੋਅ ਕੇ ਬਾਹਰ ਛੱਡ ਦਿੰਦੇ ਹਨ। ਸ਼ਹਿਰ ਦੀਆਂ ਮੁੱਖ ਸੜਕਾਂ ਤੇ ਗਲੀਆਂ ਵਿੱਚ ਫਿਰਦੇ ਪਸ਼ੂਆਂ ਕਾਰਨ ਹਰ ਰੋਜ਼ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਕਈ ਘਟਨਾਵਾਂ ਵਿੱਚ ਲੋਕ ਜ਼ਖ਼ਮੀ ਵੀ ਹੋਏ ਹਨ। ਹਾਲਾਂਕਿ, ਯਮੁਨਾਨਗਰ ਨੂੰ ਪਸ਼ੂ ਮੁਕਤ ਸ਼ਹਿਰ ਕਿਹਾ ਜਾਂਦਾ ਹੈ ਅਤੇ ਨਗਰ ਨਿਗਮ ਦੇ ਕਰਮਚਾਰੀ ਕਦੇ-ਕਦਾਈਂ ਲੋਕਾਂ ਦੀ ਸ਼ਿਕਾਇਤਾਂ ’ਤੇ ਇਨ੍ਹਾਂ ਪਸ਼ੂਆਂ ਨੂੰ ਫੜ ਵੀ ਲੈਂਦੇ ਹਨ। ਇਸ ਤੋਂ ਅਗਲੇ ਦਿਨ ਇਹੀ ਪਸ਼ੂ ਸੜਕਾਂ ’ਤੇ ਮੁੜ ਘੁੰਮਦੇ ਵਿਖਾਈ ਦਿੰਦੇ ਹਨ। ਪਸ਼ੂਆਂ ਦੇ ਝੁੰਡਾ ਸੜਕਾਂ ਅਤੇ ਪਾਰਕਾਂ ਵਿੱਚ ਵਿਚਾਲੇ ਬੈਠ ਜਾਂਦੇ ਹਨ ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਰਕਾਂ ਵਿੱਚ ਸਾਨ੍ਹਾਂ ਦੀ ਲੜਾਈ ਕਾਰਨ ਲੋਕ ਪਾਰਕਾਂ ਵਿੱਚ ਸੈਰ ਕਰਨ ਤੋਂ ਗੁਰੇਜ਼ ਕਰਦੇ ਹਨ।
ਲੋਕਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਬਿੱਲਾਂ ਵਿੱਚ ਗਊ ਟੈਕਸ ਦੇਣ ਦੇ ਬਾਵਜੂਦ ਸ਼ਹਿਰ ਵਾਸੀਆ ਨੂੰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜਾਤ ਨਹੀਂ ਮਿਲਦੀ। ਲੋਕ ਉਸ ਸਮੇਂ ਨੂੰ ਯਾਦ ਕਰਦੇ ਹਨ ਜਦੋਂ ਯਮੁਨਾਨਗਰ ਨਵਾਂ ਜ਼ਿਲ੍ਹਾ ਬਣਿਆ ਹੀ ਸੀ। ਲੋਕਾਂ ਵਿੱਚ ਇਸ ਗੱਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ਼ ਨਾਰਾਜ਼ਗੀ ਹੈ ਕਿ ਨਗਰ ਨਿਗਮ ਵੱਲੋਂ ਇਨ੍ਹਾਂ ਪਸ਼ੂਆਂ ਨੂੰ ਕਾਬੂ ਕਰਨ ਲਈ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਜਾ ਰਿਹਾ। ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਫੜੇ ਗਏ ਪਸ਼ੂ ਪੈਸੇ ਦੇ ਕੇ ਪਸ਼ੂ ਪਾਲਕ ਮੁੜ ਛੁਡਵਾ ਕੇ ਲੈ ਆਉਂਦੇ ਹਨ। ਯਮੁਨਾਨਗਰ ਨਿਵਾਸੀਆਂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਮੁੱਖ ਮੰਤਰੀ ਨਾਰਿਬ ਸਿੰਘ ਸੈਣੀ ਨੂੰ ਠੋਸ ਨੀਤੀ ਬਣਾਉਣ ਦੀ ਅਪੀਲ ਕੀਤੀ।
ਬੇਸਹਾਰਾ ਪਸ਼ੂਆਂ ਨੂੰ ਫੜਨ ਦੀ ਮੁਹਿੰਮ ਜਾਰੀ ਰਹੇਗੀ: ਨਿਗਮ
ਦੂਜੇ ਪਾਸੇ ਨਿਗਮ ਦੇ ਉਪ ਕਮਿਸ਼ਨਰ ਡਾ. ਵਿਜੈ ਪਾਲ ਯਾਦਵ ਤੇ ਸੀਐੱਸਸੀ ਸੁਨੀਲ ਦੱਤ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਹੁਕਮਾਂ ਅਤੇ ਨਗਰ ਨਿਗਮ ਕਮਿਸ਼ਨਰ ਆਯੂਸ਼ ਸਿਨਹਾ ਦੇ ਦਿਸ਼ਾ-ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਬੇਸ਼ਹਾਰਾ ਪਸ਼ੂਆਂ ਨੂੰ ਫੜਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਵਾਰਡ ਨੰਬਰ-15 ਵਿੱਚ 25 ਬੇਸਹਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਪਹੁੰਚਾਇਆ ਗਿਆ ਹੈ ਅਤੇ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਇਨ੍ਹਾਂ ਪਸ਼ੂਆਂ ਦੀ ਦੇਖਭਾਲ ਲਈ ਇੱਕ ਦਿਨ ਦੇ 30 ਰੁਪਏ ਪ੍ਰਤੀ ਪਸ਼ੂ ਦੇ ਹਿਸਾਬ ਨਾਲ ਦਿੱਤੇ ਜਾਂਦੇ ਹਨ।