ਏਬੀਵੀਪੀ ਨੇ ਮਮਤਾ ਬੈਨਰਜੀ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਚੰਡੀਗੜ੍ਹ, 17 ਅਗਸਤ
ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਮਾਮਲੇ ਖ਼ਿਲਾਫ਼ ਭਾਜਪਾ ਦੀ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟਸ ਸੈਂਟਰ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਪੁਤਲਾ ਫੂਕਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੀਯੂ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ ਨੇਗੀ ਨੇ ਬੰਗਾਲ ਸਰਕਾਰ ’ਤੇ ਆਪਣੇ ਨਾਗਰਿਕਾਂ ਖ਼ਾਸ ਕਰ ਕੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਤੇ ਪੱਛਮੀ ਬੰਗਾਲ ’ਚ ਔਰਤਾਂ ਵਿਰੁੱਧ ਵਧ ਰਹੀਆਂ ਹਿੰਸਾ ਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਪ੍ਰਤੀ ਪੱਛਮੀ ਬੰਗਾਲ ਸਰਕਾਰ ਦੀ ਕਥਿਤ ਬੇਰੁਖ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਜਾਂਦੀ ਹੈ ਅਤੇ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾਂਦੀ ਹੈ। ਜਥੇਬੰਦੀ ਦੇ ਆਗੂਆਂ ਨੇ ਇਸ ਮੁੱਦੇ ਵੱਲ ਦੇਸ਼ ਵਿਆਪੀ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ।
ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾਂਦੇ। ਪ੍ਰਦਰਸ਼ਨ ਵਿੱਚ ਏਬੀਵੀਪੀ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ, ਜੋ ਪੀਯੂ ਦੇ ਵਿਦਿਆਰਥੀ ਕੇਂਦਰ ਵਿੱਚ ਇਕੱਠੇ ਹੋਏ ਅਤੇ ਪੱਛਮੀ ਬੰਗਾਲ ਸਰਕਾਰ ਦੀ ਨਿੰਦਾ ਕਰਦੇ ਹੋਏ ਨਾਅਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਏਬੀਵੀਪੀ ਪੀੜਤ ਪਰਿਵਾਰ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਤੋਂ ਜਲਦ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕਰਦੀ ਹੈ।