Accident: ਸੜਕ ਹਾਦਸਿਆ ਵਿਚ 10 ਦੀ ਮੌਤ
ਪੀਲੀਭੀਤ/ਚਿੱਤਰਕੂਟ, 6 ਦਸੰਬਰ
ਉੱਤਰ ਪ੍ਰਦੇਸ਼ ਦੇ ਪੀਲੀਭੀਤ ਅਤੇ ਚਿੱਤਰਕੂਟ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੜਕੇ ਹੋਏ ਵੱਖ-ਵੱਖ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਦਰਜਨ ਦੇ ਕਰੀਬ ਜ਼ਖਮੀ ਹੋ ਗਏ। ਜਾਣਕਾਰੀ ਅਨਸਾਰ ਪੀਲੀਭੀਤ ਵਿੱਚ 11 ਲੋਕਾਂ ਵਾਲੀ ਇੱਕ ਕਾਰ ਨਿਓਰੀਆ ਪੁਲੀਸ ਸਟੇਸ਼ਨ ਦੇ ਅਧੀਨ ਇੱਕ ਖੇਤਰ ਵਿੱਚ ਇੱਕ ਦਰੱਖਤ ਨਾਲ ਟਕਰਾ ਗਈ, ਨਤੀਜੇ ਵਜੋਂ ਪੰਜ ਯਾਤਰੀਆਂ ਦੀ ਮੌਤ ਹੋ ਗਈ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉੱਤਰਾਖੰਡ ਦੇ ਖਟੀਮਾ ਤੋਂ ਕੁਝ ਲੋਕ ਇੱਥੇ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਹ ਇੱਕ ਮਾਰੂਤੀ ਅਰਟਿਗਾ ਕਾਰ ਵਿੱਚ 11 ਲੋਕਾਂ ਦੇ ਨਾਲ ਵਾਪਸ ਆ ਰਹੇ ਸਨ। ਕਾਰ ਸੰਤੁਲਨ ਗੁਆ ਬੈਠੀ ਅਤੇ ਇੱਕ ਦਰੱਖਤ ਨਾਲ ਜਾ ਟਕਰਾਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਹਰ ਸੰਭਵ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾ ਰਹੀ ਹੈ। ਉੱਧਰ ਚਿਤਰਕੂਟ ਵਿੱਚ ਪੁਲੀਸ ਸੁਪਰਡੈਂਟ ਅਰੁਣ ਕੁਮਾਰ ਸਿੰਘ ਨੇ ਕਿਹਾ ਕਿ ਇੱਕ ਮਹਿੰਦਰਾ ਬੋਲੈਰੋ ਦੀ ਇੱਕ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 5.30 ਵਜੇ ਰਾਏਪੁਰਾ ਥਾਣਾ ਖੇਤਰ ਵਿੱਚ ਵਾਪਰੀ।
ਬੋਲੇਰੋ ਵਿੱਚ 11 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬਾਕੀਆਂ ਦਾ ਸਥਾਨਕ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ ਬਿਹਤਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਰੈਫਰ ਕੀਤਾ ਜਾ ਰਿਹਾ ਹੈ। ਪੁਲੀਸ ਨੇ ਦੱਸਿਆ ਕਿ ਦੋਵਾਂ ਘਟਨਾਵਾਂ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੀਟੀਆਈ