Accident: ਸੜਕ ਹਾਦਸੇ ’ਚ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਮੌਤ, ਇੱਕ ਜ਼ਖ਼ਮੀ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 17 ਦਸੰਬਰ
ਇੱਥੋਂ ਨੇੜਲੇ ਪਿੰਡ ਲੱਡਾ ਨਜ਼ਦੀਕ ਟਰੱਕ ਤੇ ਕਾਰ ਦੀ ਆਹਮੋ ਸਾਹਮਣੀ ਟੱਕਰ ਵਿਚ ਤਿੰਨ ਵਿਅਕਤੀਆਂ ਦੀ ਮੌਤ ਅਤੇ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਨੇੜਲੇ ਪਿੰਡ ਕਾਂਝਲਾ ਦੇ ਸਰਪੰਚ ਸਤਿਗੁਰ ਸਿੰਘ ਅਤੇ ਸਮਾਜ ਸੇਵੀ ਭਗਵੰਤ ਰਾਏ ਜੋਸ਼ੀ ਕਾਂਝਲਾ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਅਮਨਜੋਤ ਸਿੰਘ, ਸਤਿਗੁਰ ਸਿੰਘ ਅਤੇ ਹਸਨਪੁਰ ਦੇ ਜਗਸੀਰ ਸਿੰਘ ਜੱਗੀ ਅਤੇ ਗੁਰਸੇਵਕ ਸਿੰਘ ਕਾਰ ਉੱਤੇ ਪਿੰਡ ਕਾਂਝਲੇ ਤੋਂ ਵਾਇਆ ਲੱਡਾ ਹੋ ਕੇ ਸੰਗਰੂਰ ਵੱਲ ਜਾ ਰਹੇ ਸਨ। ਜਿਉਂ ਹੀ ਉਹ ਲੱਡਾ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਸੰਗਰੂਰ ਵੱਲੋਂ ਆ ਰਹੇ ਇੱਕ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਸਤਿਗੁਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕਾਂਝਲਾ ਅਤੇ ਜਗਸੀਰ ਸਿੰਘ ਜੱਗੀ ਵਾਸੀ ਹਸਨਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਮਨਜੋਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਕਾਂਝਲਾ ਅਤੇ ਗੁਰਸੇਵਕ ਸਿੰਘ ਵਾਸੀ ਹਸਨਪੁਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਅਮਨਜੋਤ ਸਿੰਘ ਕਾਂਝਲਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅਮਰ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਵੀ ਮੌਤ ਹੋ ਗਈ। ਗੁਰਸੇਵਕ ਸਿੰਘ ਵਾਸੀ ਹਸਨਪੁਰ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਹੈ। ਥਾਣਾ ਸਦਰ ਧੂਰੀ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਲੈਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।