ਡੀਸੀ ਵੱਲੋਂ ਮੀਟਿੰਗ ਦੌਰਾਨ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਅਗਸਤ
ਡੀਸੀ ਬਠਿੰਡਾ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਹਫ਼ਤੇ ਵਿੱਚ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ। ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮਗਨਰੇਗਾ ਦੇ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਆਂਗਣਵਾੜੀ ਸੈਂਟਰਾਂ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਉਣ ਲਈ ਵੀ ਆਖਿਆ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਐੱਸਡੀਐੱਮ ਬਠਿੰਡਾ ਇਨਾਯਤ ਹਾਜ਼ਰ ਸਨ।
ਕੈਂਪਾਂ ਦੌਰਾਨ 1160 ਇੰਤਕਾਲਾਂ ਦਾ ਕੀਤਾ ਨਿਬੇੜਾ
ਬਠਿੰਡਾ (ਪੱਤਰ ਪ੍ਰੇਰਕ): ਜ਼ਿਲ੍ਹੇ ਵਿੱਚ ਇੰਤਕਾਲਾਂ ਦੀ ਪੈਂਡਿੰਗ ਦੇ ਮੱਦੇਨਜ਼ਰ ਅੱਜ ਤਹਿਸੀਲ ਤੇ ਸਬ ਤਹਿਸੀਲ ਪੱਧਰ ’ਤੇ ਸਪੈਸ਼ਲ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਮੌਕੇ 1160 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡੀਸੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਵਿੱਚ 190, ਰਾਮਪੁਰਾ ਫੂਲ 259, ਮੌੜ 161, ਤਲਵੰਡੀ ਸਾਬੋ 289, ਸੰਗਤ 64, ਭਗਤਾ ਭਾਈਕਾ 85, ਨਥਾਣਾ 59 ਅਤੇ ਗੋਨਿਆਣਾ ਮੰਡੀ ਵਿੱਚ 53 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਪੈਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨਾ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।