‘ਆਪ’ ਸਰਕਾਰ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦੇ ਦੋਸ਼
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 11 ਫਰਵਰੀ
ਨਗਰ ਕੌਂਸਲ ਬਲਾਚੌਰ ਅਤੇ ਬਾਬਾ ਬਲਰਾਜ ਕਮੇਟੀ ਬਲਾਚੌਰ ਦੇ ਸਾਬਕਾ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਨੂੰ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਵਲੋਂ ਬਲਾਚੌਰ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐੱਮ.ਪੀ. ਅਤੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਆਦਿ ਆਗੂਆਂ ਦਾ ਧੰਨਵਾਦ ਕਰਦਿਆਂ ਰਾਣਾ ਰਣਦੀਪ ਸਿੰਘ ਕੌਸ਼ਲ ਨੇ ਕਿਹਾ ਕਿ ਉਹ ਬਲਾਚੌਰ ਸਰਕਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਹਿਤ ਕਿਸੇ ਵੀ ਕਿਸਮ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਨੂੰ ਪੰਜਾਬੀਆਂ ਦੇ ਸਮੂਹ ਵਰਗਾਂ ਵਲੋਂ ਲਾ-ਮਿਸਾਲ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਬਦਲਾਅ ਦੇ ਨਾਂ ’ਤੇ ਪੰਜਾਬ ਦੀ ਰਾਜ-ਭਾਗ ਸੰਭਾਲਣ ਵਾਲੀ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਨੀਤੀ ’ਤੇ ਉੱਤਰੀ ਹੋਈ ਹੈ ਅਤੇ ਪੰਜਾਬ ਦੇ ਵਿਕਾਸ ਦੀ ਥਾਂ ਵਿਨਾਸ਼ ਕਰਨ ’ਤੇ ਲੱਗੀ ਹੋਈ ਹੈ ਤੇ ਸੂਬਾ ਸਰਕਾਰ ਵਲੋਂ ਚੋਣਾਂ ਵਿਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।