ਕੇਂਦਰ ਸਰਕਾਰ ’ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਦੋਸ਼
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਜੂਨ
‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੰਗਲਵਾਰ ਰਾਤ ਨੂੰ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ’ਤੇ ‘ਆਪ’ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਭਾਜਪਾ ’ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਇਹ ਭਾਜਪਾ ਸਰਕਾਰ ਦਾ ਗ਼ੈਰ-ਜਮਹੂਰੀ ਤੇ ਗ਼ੈਰ-ਸੰਵਿਧਾਨਕ ਕਦਮ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਇਸ ਮਾਮਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਜਪਾ ਸਿਆਸੀ ਬਦਲਾਖੋਰੀ ਤਹਿਤ ਆਮ ਆਦਮੀ ਪਾਰਟੀ ਖ਼ਿਲਾਫ਼ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨਾ ਚਾਹੁੰਦੇ ਹਨ, ਇਸ ਲਈ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਖ਼ਿਲਾਫ਼ ਦੇਸ਼ ਦੀਆਂ ਜਾਂਚ ਏਜੰਸੀਆਂ ਦੀ ਗ਼ਲਤ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ, ਸੱਚ ਨੂੰ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਹਰਾਇਆ ਨਹੀਂ ਜਾ ਸਕਦਾ। ਇਸ ਲਈ ਬੀਜੇਪੀ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਜਿੰਨਾ ਮਰਜ਼ੀ ਅੱਤਿਆਚਾਰ ਕਰ ਲਵੇ, ਨਾ ਉਹ ਅਰਵਿੰਦ ਕੇਜਰੀਵਾਲ ਨੂੰ ਤੋੜ ਸਕੇਗੀ, ਨਾ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਕੁੱਝ ਵੀ ਕਰ ਲਵੇ, ਪਰ ਸਾਨੂੰ ਪੂਰਾ ਭਰੋਸਾ ਹੈ ਕਿ ਸਾਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ। ਜਲਦੀ ਹੀ ਅਰਵਿੰਦ ਕੇਜਰੀਵਾਲ ਇਸ ਮਾਮਲੇ ’ਚ ਬੇਕਸੂਰ ਸਾਬਤ ਹੋ ਜਾਣਗੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ ਅਤੇ ਭਾਜਪਾ ਦੀ ਸਾਜ਼ਿਸ਼ ਲੋਕਾਂ ਸਾਹਮਣੇ ਆ ਜਾਵੇਗੀ।