ਸਰਕਾਰ ’ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਥੇ ਸਥਾਨਕ ਰਾਮ ਬਾਗ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ।
ਇਹ ਮੀਟਿੰਗ ਸੁਖਦੇਵ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਹੋਈ , ਜਿਸ ਵਿੱਚ ਵੱਖ ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿੱਚ ਸੁਖਦੇਵ ਸਿੰਘ ਪੰਨੂੰ, ਚਰਨ ਸਿੰਘ, ਚਰਨ ਸਿੰਘ ਸੰਧੂ ,ਸੁਖਜਿੰਦਰ ਸਿੰਘ , ਨਰਿੰਦਰ ਸ਼ਰਮਾ, ਸੋਮਨਾਥ ਰੋਲੀਆ, ਵਿਨੋਦ ਕੁਮਾਰ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪੈਨਸ਼ਨ ਪ੍ਰਤੀ ਅਣਗੌਲਿਆਂ ਕਰਨ ਵਾਲੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫੋਰਮ ਦੀ ਅਗਵਾਈ ਹੇਠ 14 ਜੂਨ ਨੂੰ ਪੂਰੇ ਪੰਜਾਬ ਦੇ ਜ਼ਿਲ੍ਹਾ ਹੈਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਪੈਨਸ਼ਨਰਾਂ ਦੀਆਂ ਸੋਧੀਆਂ ਹੋਈਆਂ ਪੈਨਸ਼ਨਾਂ ਦਿੱਤੀਆਂ ਜਾਣ , ਪੈਨਸ਼ਨਾਂ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ , ਮੈਡੀਕਲ ਭੱਤਾ 2000 ਪ੍ਰਤੀ ਮਹੀਨਾ ਕੀਤਾ ਜਾਵੇ , ਮਹਿੰਗਾਈ ਭੱਤੇ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।