ਭਾਜਪਾ ’ਤੇ ਫ਼ਿਲਮਾਂ ਰਾਹੀਂ ਲੋਕਾਂ ਵਿੱਚ ਵੰਡੀਆਂ ਪਾਉਣ ਦੇ ਦੋਸ਼
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਅਗਸਤ
ਕੁੱਲ ਹਿੰਦ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਮੁੰਬਈ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਚਰਨਜੀਤ ਸਿੰਘ ਸਪਰਾ ਨੇ ਅੱਜ ਭਾਜਪਾ ’ਤੇ ਦੋਸ਼ ਲਾਇਆ ਕਿ ਉਹ ਦੇਸ਼ ਦੇ ਲੋਕਾਂ ਨੂੰ ਵੰਡ ਕੇ ਰਾਜਨੀਤੀ ਕਰਨਾ ਚਾਹੁੰਦੀ ਹੈ ਅਤੇ ਇਸ ਲਈ ਫਿਲਮਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਸੰਸਦ ਮੈਂਬਰ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਬਾਰੇ ਵੀ ਆਖਿਆ ਕਿ ਜੇ ਉਸ ਵਿੱਚ ਸਿੱਖਾਂ ਬਾਰੇ ਕੁਝ ਇਤਰਾਜ਼ਯੋਗ ਹੈ ਤਾਂ ਉਸ ਨੂੰ ਰੋਕਣਾ ਚਾਹੀਦਾ ਹੈ। ਇੱਥੇ ਕਾਂਗਰਸ ਦਿਹਾਤੀ ਦੇ ਦਫਤਰ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦਾ ਏਜੰਡਾ ਹੈ ਕਿ ਦੇਸ਼ ਦੇ ਲੋਕਾਂ ਨੂੰ ਵੰਡਿਆ ਜਾਵੇ ਅਤੇ ਰਾਜਨੀਤੀ ਕੀਤੀ ਜਾਵੇ, ਇਹੀ ਨੀਤੀ ਅੰਗਰੇਜ਼ਾਂ ਦੀ ਵੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪਹਿਲਾਂ ਵੀ ਅਜਿਹੀਆਂ ਫਿਲਮਾਂ ਰਾਹੀਂ ਲੋਕਾਂ ਨੂੰ ਵੰਡਣ ਦਾ ਯਤਨ ਕੀਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਕਸ਼ਮੀਰ ਬਾਰੇ ਬਣੀ ਫਿਲਮ ਦਾ ਵੀ ਜ਼ਿਕਰ ਕੀਤਾ। ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਸਿੱਖ ਸੰਸਥਾਵਾਂ ਵੱਲੋਂ ਨਾਰਾਜ਼ਗੀ ਜਤਾਈ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਿੱਖ ਜਥੇਬੰਦੀਆਂ ਨੇ ਇਸ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਬਾਰੇ ਵਿਵਾਦਤ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ।