‘ਨੋਟ ਬਦਲੇ ਵੋਟ’ ਮਾਮਲੇ ’ਚ ਮੁਲਜ਼ਮ ਅਹਿਮਦਾਬਾਦ ਹਵਾਈ ਅੱਡੇ ਤੋਂ ਗ੍ਰਿਫ਼ਤਾਰ
ਮੁੰਬਈ:
ਮਹਾਰਾਸ਼ਟਰ ਵਿੱਚ ‘ਨੋਟ ਬਦਲੇ ਵੋਟ’ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਲੋੜੀਂਦੇ ਮਨੀ ਲਾਂਡਰਿੰਗ ਦੇ ਮੁਲਜ਼ਮ ਨੂੰ ਅਹਿਮਦਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਐੱਨ. ਅਕਰਮ ਮੁਹੰਮਦ ਸ਼ਫੀ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਲੁੱਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਸੀ, ਜਿਸ ਦੇ ਆਧਾਰ ’ਤੇ ਉਸ ਨੂੰ ਗੁਆਂਢੀ ਸੂਬੇ ਗੁਜਰਾਤ ਦੇ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕਿਆ। ਉਨ੍ਹਾਂ ਦੱਸਿਆ ਕਿ ਉਹ ਦੁਬਈ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਸੰਘੀ ਏਜੰਸੀ ਨੇ ਪਿਛਲੇ ਹਫ਼ਤੇ ਮਾਲੇਗਾਓਂ ਦੇ ਵਪਾਰੀ ਸਿਰਾਜ ਅਹਿਮਦ ਹਾਰੂਨ ਮੈਮਨ ਖ਼ਿਲਾਫ਼ ਦਰਜ ਕੇਸ ਵਿੱਚ ਚੋਣਾਂ ਵਾਲੇ ਸੂਬੇ ਮਹਾਰਾਸ਼ਟਰ ਅਤੇ ਗੁਆਂਢੀ ਸੂਬੇ ਗੁਜਰਾਤ ਵਿੱਚ ਛਾਪੇ ਮਾਰੇ ਸਨ। ਮੈਮਨ ’ਤੇ ਕਥਿਤ ਤੌਰ ’ਤੇ 100 ਕਰੋੜ ਰੁਪਏ ਤੋਂ ਵੱਧ ਦੇ ਲੈਣ-ਦੇਣ ਲਈ ਵੱਖ-ਵੱਖ ਲੋਕਾਂ ਦੇ ਬੈਂਕ ਖਾਤਿਆਂ ਦਾ ਇਸਤੇਮਾਲ ਕਰਨ ਦਾ ਦੋਸ਼ ਹੈ। ਮਨੀ ਲਾਂਡਰਿੰਗ ਦਾ ਇਹ ਮਾਮਲਾ 7 ਨਵੰਬਰ ਨੂੰ ਦਰਜ ਕੀਤੀ ਗਈ ਐੱਫਆਈਆਰ ’ਤੇ ਆਧਾਰਿਤ ਹੈ। -ਪੀਟੀਆਈ