ਮੁਲਜ਼ਮ 160 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 9 ਨਵੰਬਰ
ਮੁਹਾਲੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 160 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮੋਨੂੰ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐੱਨਡੀਪੀਐੱਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ।
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫੇਜ਼-11 ਥਾਣੇ ਦੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਹੇਠ ਏਐੱਸਆਈ ਬਲਰਾਜ ਸਿੰਘ ਤੇ ਹੋਰ ਪੁਲੀਸ ਕਰਮਚਾਰੀਆਂ ਵੱਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਨਾਕਾਬੰਦੀ ਕੀਤੀ ਹੋਈ ਸੀ। ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨਸ਼ਾ ਤਸਕਰ ਆਪਣੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦਾ ਹੈ। ਸੂਚਨਾ ਮਿਲਣ ’ਤੇ ਮਨਜੋਤ ਸਿੰਘ ਉਰਫ਼ ਮੋਨੂੰ ਨੂੰ ਪੁਲੀਸ ਨੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 160 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਡੀਐਸਪੀ ਬੱਲ ਨੇ ਦੱਸਿਆ ਕਿ ਪੁੱਛ-ਪੜਤਾਲ ਦੌਰਾਨ ਮੁਲਜ਼ਮ ਮਨਜੋਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਹੈਰੋਇਨ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾਂ ਖੇਤਰ ਵਿੱਚ ਕਿਸੇ ਨੂੰ ਸਪਲਾਈ ਦੇਣੀ ਸੀ। ਇਹ ਵੀ ਖ਼ੁਲਾਸਾ ਹੋਇਆ ਕਿ ਉਹ ਦੋ ਹਜ਼ਾਰ ਰੁਪਏ ਗਰਾਮ ਦੇ ਹਿਸਾਬ ਨਾਲ ਹੈਰੋਇਨ ਲੈ ਕੇ ਆਉਂਦਾ ਹੈ ਅਤੇ ਅੱਗੇ ਤਿੰਨ ਹਜ਼ਾਰ ਰੁਪਏ ਪ੍ਰਤੀ ਗ੍ਰਾਮ ਹੈਰੋਇਨ ਵੇਚਦਾ ਹੈ। ਮੁਲਜ਼ਮ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਪੁਲੀਸ ਨੇ ਦੋ ਹੋਰ ਨਸ਼ਾ ਤਸਕਰਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।