For the best experience, open
https://m.punjabitribuneonline.com
on your mobile browser.
Advertisement

ਮੁਲਜ਼ਮ ਦੀ ਕੁੱਟਮਾਰ: ਏਐੱਸਆਈ ਖ਼ਿਲਾਫ਼ ਕੇਸ ਦਰਜ

10:33 AM May 27, 2024 IST
ਮੁਲਜ਼ਮ ਦੀ ਕੁੱਟਮਾਰ  ਏਐੱਸਆਈ ਖ਼ਿਲਾਫ਼ ਕੇਸ ਦਰਜ
Advertisement

ਹਤਿੰਦਰ ਮਹਿਤਾ
ਜਲੰਧਰ, 26 ਮਈ
ਇੱਥੇ ਥਾਣਾ ਡਿਵੀਜ਼ਨ ਨੰਬਰ 3 ਅੰਦਰ ਚੋਰੀ ਦੇ ਮੁਲਜ਼ਮ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਅਦਾਲਤ ਨੇ ਜਾਂਚ ਅਧਿਕਾਰੀ ਖਿਲਾਫ਼ ਕਾਰਵਾਈ ਕਰਦਿਆਂ ਉਸ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਵਿੱਚ ਤਾਇਨਾਤ ਏਐੱਸਆਈ ਸਤਪਾਲ ਸਿੰਘ ਖਿਲਾਫ਼ ਉਸ ਦੇ ਹੀ ਥਾਣੇ ਵਿੱਚ ਧਾਰਾ 330 ਅਤੇ 166-ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਦੇ ਉੱਚ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ, ਜਿਸ ਤੋਂ ਬਾਅਦ ਪੁਲੀਸ ਜਾਂਚ ਨੂੰ ਅੱਗੇ ਵਧਾਏਗੀ। ਮਾਮਲੇ ਦੀ ਜਾਂਚ ਸਬ ਇੰਸਪੈਕਟਰ ਰਮੇਸ਼ ਕੁਮਾਰ ਕਰ ਰਹੇ ਹਨ। ਅਦਾਲਤ ਦੇ ਹੁਕਮਾਂ ’ਤੇ ਦਰਜ ਕੀਤੀ ਐੱਫਆਈਆਰ ਵਿੱਚ ਦੱਸਿਆ ਗਿਆ ਹੈ ਕਿ 29 ਅਪਰੈਲ ਨੂੰ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਧਾਰਾ 380 ਅਤੇ 457 ਤਹਿਤ ਕੇਸ ਨੰਬਰ 48 ਦਰਜ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਦੋਸ਼ੀ ਮਿਲੇ ਪਾਰਸ ਉਰਫ਼ ਬੀਚੀ ਨੂੰ ਗ੍ਰਿਫ਼ਤਾਰ ਕੀਤਾ ਸੀ। ਏਐੱਸਆਈ ਸਤਪਾਲ ਉਕਤ ਮਾਮਲੇ ਦੀ ਜਾਂਚ ਕਰ ਰਹੇ ਸਨ ਜਿਨ੍ਹਾਂ ਨੇ ਮੁਲਜ਼ਮ ਨੂੰ 14 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਪੁਲੀਸ ਹਿਰਾਸਤ ਵਿੱਚ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਪਾਰਸ ਦਾ ਪਰਿਵਾਰ ਅਦਾਲਤ ਵਿੱਚ ਗਿਆ। ਅਦਾਲਤ ਵਿੱਚ ਪਾਰਸ ਦੇ ਬਿਆਨ ਦਰਜ ਕਰਵਾਏ ਗਏ। ਅਦਾਲਤ ਨੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਏਐੱਸਆਈ ਸਤਪਾਲ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਸਨ। ਫਿਲਹਾਲ ਇਸ ਮਾਮਲੇ ਵਿੱਚ ਏਐੱਸਆਈ ਸਤਪਾਲ ਦੀ ਗ੍ਰਿਫ਼ਤਾਰੀ ਬਾਕੀ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਪਾਰਸ ’ਤੇ ਭੈਰੋਂ ਬਾਜ਼ਾਰ ਸਥਿਤ ਇੱਕ ਦੁਕਾਨ ਵਿੱਚੋਂ ਕਰੀਬ ਦਸ ਲੱਖ ਰੁਪਏ ਦਾ ਸਾਮਾਨ ਚੋਰੀ ਕਰਨ ਦਾ ਦੋਸ਼ ਲਾਇਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×