ਅੰਮ੍ਰਿਤਸਰ ਵਿਕਾਸ ਅਥਾਰਿਟੀ ਵੱਲੋਂ ਨਾਜਾਇਜ਼ ਕਲੋਨੀਆਂ ਵਿਰੁੱਧ ਕਾਰਵਾਈ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਕਤੂਬਰ
ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਅਜਨਾਲਾ ਰੋਡ ਉਪਰ ਪਿੰਡ ਪੰਜ ਗਰਾਈਂ ਨਿੱਝਰਾਂ, ਦਾਲਮ ਅਤੇ ਕੁਕੜਾਂਵਾਲਾ ਵਿੱਚ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਢਾਹ ਢੇਰੀ ਕਰਨ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀਆ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ, ਜਿਸ ਤਹਿਤ ਕੁੱਲ 13 ਕਲੋਨਾਈਜ਼ਰਾਂ ਵਿਰੁੱਧ ਐੱਫਆਈਆਰ ਦਰਜ ਕਰਨ ਲਈ ਪੁਲੀਸ ਵਿਭਾਗ ਨੂੰ ਲਿਖਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਪਾਪਰਾ ਐਕਟ-1995 ਤਹਿਤ ਨੋਟਿਸ ਜਾਰੀ ਕਰਦਿਆਂ ਕਲੋਨੀਆਂ ਦਾ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵੱਲੋਂ ਆਮ ਜਨਤਾ ਨੂੰ ਸੁਚੇਤ ਕਰਨ ਲਈ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਸਬੰਧੀ ਬੋਰਡ ਵੀ ਲਗਾਏ ਗਏ। ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਜਾ ਪਲਾਟ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮਨਜ਼ੂਰੀ/ ਐੱਨਓਸੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਨ੍ਹਾਂ ਦਾ ਨੁਕਸਾਨ ਨਾ ਹੋਵੇ ਅਤੇ ਪ੍ਰੇਸ਼ਾਨੀ ਤੋਂ ਬਚ ਸਕਣ।