ਪੁੱਡਾ ਵੱਲੋਂ ਅਣਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ , 27 ਜੁਲਾਈ
ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਪਿੰਡ ਕਾਲਾ ਘੰਨੂਪੁਰ ਵਿੱਚ ਬਣ ਰਹੀ ਅਣਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਕਾਲਾ ਘੰਨੂਪੁਰ ਵਿੱਚ ਵਿਕਸਿਤ ਕੀਤੀ ਜਾ ਰਹੀ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਹਨ , ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ ਅਧੀਨ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੁੱਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਪਲਾਟ ਸਬੰਧੀ ਪੁੱਡਾ ਕੋਲੋਂ ਪ੍ਰਾਪਤ ਕੀਤੀ ਗਈ ਮੰਨਜ਼ੂਰੀ ਜਾਂ ਐੱਨਓਸੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਬਾਅਦ ਵਿੱਚ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਨਾ ਬਣੇ।