ਭੁੱਲਰ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ ਕਾਰਵਾਈ
ਪਾਲ ਸਿੰਘ ਨੌਲੀ
ਜਲੰਧਰ, 16 ਅਕਤੂਬਰ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਲੰਧਰ ਅਤੇ ਇਸ ਦੇ ਆਲੇ-ਦੁਆਲੇ ਬੱਸਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਬਿਨਾ ਦਸਤਾਵੇਜ਼ਾਂ ਦੇ ਚੱਲਣ ਵਾਲੀਆਂ ਦੋ ਬੱਸਾਂ ਨੂੰ ਜ਼ਬਤ ਕੀਤਾ ਗਿਆ। ਜਦਕਿ ਨਿਯਮਾਂ ਦੀ ਉਲੰਘਣਾ ਕਰਨ ’ਤੇ 21 ਬੱਸਾਂ ਦੇ ਚਲਾਨ ਕੱਟੇ ਗਏ। ਇਨ੍ਹਾਂ ਵਿੱਚ ਦੋ ਸਰਕਾਰੀ ਬੱਸਾਂ ਵੀ ਸ਼ਾਮਿਲ ਸਨ। ਅਣ-ਅਧਿਕਾਰਤ ਰੂਟ ’ਤੇ ਚੱਲ ਰਹੀਆਂ ਬੱਸਾਂ ਨੂੰ 3.50 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ ’ਤੇ ਕਿਸ਼ਨਗੜ੍ਹ, ਜਲੰਧਰ-ਅੰਮ੍ਰਿਤਸਰ ਰੋਡ ’ਤੇ ਕਰਤਾਰਪੁਰ ਕੋਲ ਕੁੱਲ 56 ਬੱਸਾਂ ਦੀ ਜਾਂਚ ਕੀਤੀ ਗਈ।
ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਵਿੱਚ ਵਿਜੈ ਬੱਸ ਸਰਵਿਸ ਵੱਲੋਂ ਚਲਾਈ ਜਾ ਰਹੀ ਬੱਸ ਨੰਬਰ ਐੱਨਐੱਲ-02 ਬੀ 3020 ਸ਼ਾਮਿਲ ਹੈ ਜਿਸ ਨੂੰ ਖੇਤਰੀ ਟਰਾਂਸਪੋਰਟ ਅਥਾਰਿਟੀ ਵੱਲੋਂ ਬਿਨਾ ਆਗਿਆ ਦੇ ਬੱਸ ਚਲਾਉਣ ’ਤੇ 50,000 ਰੁਪਏ ਦਾ ਚਲਾਨ ਜਾਰੀ ਕੀਤਾ ਗਿਆ। ਇਸੇ ਤਰ੍ਹਾਂ ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂਪੀ-31 ਟੀ-3737 ਦਾ ਵੀ ਸਮਰੱਥਾ ਤੋਂ ਵੱਧ ਸਵਾਰੀਆਂ ਲਿਜਾਣ ’ਤੇ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀਬੀ 01 ਸੀ 9726 ਦਾ ਪਰਮਿਟ ਦੇ ਰੂਲਾਂ ਦੀ ਉਲੰਘਣਾ ਕਰਨ ’ਤੇ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਬੱਸਾਂ ਦੀ ਪੂਰੀ ਸਮਰੱਥਾ ਨਾਲ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਵੀ ਬੱਸ ਦਾ ਚਲਾਨ ਕਰਨ ਤੋਂ ਇਲਾਵਾ ਜ਼ਬਤ ਕੀਤਾ ਜਾਵੇ।