ਬੇਲੋੜਾ ਸਾਮਾਨ ਦੇਣ ਵਾਲੇ ਖਾਦ ਡੀਲਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਰਵਿੰਦਰ ਰਵੀ
ਬਰਨਾਲਾ, 17 ਨਵੰਬਰ
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਜਗਦੀਸ਼ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹੇ ’ਚ ਕਿਸੇ ਖਾਦ ਡੀਲਰ ਵੱਲੋਂ ਕਿਸਾਨਾਂ ਨੂੰ ਖਾਦ ਨਾਲ ਬੇਲੋੜਾ ਸਾਮਾਨ ਦੇਣ ਦੀ ਸ਼ਿਕਾਇਤ ਮਿਲਣ ’ਤੇ ਉਸ ਖ਼ਿਲਾਫ਼ ਵਿਭਾਗੀ ਸਖ਼ਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀਏਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀਏਪੀ ਖਾਦ ਦੇ ਬਦਲ ਵਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੜਤਾਲ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਮਿਲਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ।