ਭ੍ਰਿਸ਼ਟਾਚਾਰ ਲਈ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਵੇ: ਪਡਿਆਲਾ
ਮਿਹਰ ਸਿੰਘ
ਕੁਰਾਲੀ, 8 ਸਤੰਬਰ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੇ ਭ੍ਰਿਸ਼ਟਾਚਾਰ ਸਬੰਧੀ ਬਿਆਨ ਤੋਂ ਫਿਰ ਚਰਚਾ ਵਿੱਚ ਆ ਗਏ ਹਨ। ਹਲਕੇ ਦੇ ਨਵਾਂ ਗਰਾਓਂ ਵਿੱਚ ਇੱਕ ਸਮਾਗਮ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਮੰਤਰੀ ਨੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਨਾਂ ’ਤੇ ਕੀਤੇ ਜਾ ਰਹੇ ਭ੍ਰਿਸ਼ਟਾਚਾਰ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਸੀ। ਇਸ ਦੌਰਾਨ ਮੰਤਰੀ ਨੇ ਹਲਕਾ ਵਾਸੀਆਂ ਅਤੇ ਮੀਡੀਆ ਨੂੰ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਬੂਤ ਦੇਣ ਲਈ ਕਿਹਾ ਸੀ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਤੇ ਸਥਾਨਕ ਨਗਰ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕੈਬਨਿਟ ਮੰਤਰੀ ਨੇ ਹਲਕੇ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ’ਤੇ ਖ਼ੁਦ ਹੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਦੋਵੇਂ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਸਿਖ਼ਰਾਂ ’ਤੇ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਨੇ ਖ਼ੁਦ ਨਾਂ ਲੈਂਦਿਆਂ ਦੋ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਦੀ ਗੱਲ ਮੰਨੀ ਹੈ। ਉਨ੍ਹਾਂ ਕਿਹਾ ਕਿ ਸਭ ਕੁਝ ਪਤਾ ਹੋਣ ਦੇ ਬਾਵਜੂਦ ਸਰਕਾਰ ਤੇ ਮੰਤਰੀ ਅਜਿਹੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ’ਚ ਅਸਫ਼ਲ ਰਹੇ ਹਨ। ਸ੍ਰੀ ਪਡਿਆਲਾ ਨੇ ਮਾਮਲੇ ਦੀ ਜਾਂਚ ਤੇ ਕਾਰਵਾਈ ਦੀ ਮੰਗ ਕੀਤੀ ਹੈ।