ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਵੇ: ਹਵਾਰਾ ਕਮੇਟੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਨਵੰਬਰ
ਹਵਾਰਾ ਕਮੇਟੀ ਨੇ 2 ਦਸੰਬਰ ਨੂੰ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਵਾਲੀ ਦੀ ਹੋਣ ਵਾਲੀ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਸ ਮੀਟਿੰਗ ’ਤੇ ਦੇਸ਼ ਵਿਦੇਸ਼ ਵਿੱਚ ਵਸੇ ਸਿੱਖਾਂ ਦੀ ਨਜ਼ਰ ਹੈ। ਇਥੇ ਵਿਚਾਰੇ ਜਾਣ ਵਾਲੇ ਮਾਮਲੇ ਵਿੱਚ ਗੁਨਾਹਗਾਰਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਅਤੇ 2007 ਤੋਂ ਪੰਥ ਅਤੇ ਗ੍ਰੰਥ ਵਿਰੋਧੀ ਘਟਨਾਵਾਂ ਦੇ ਮੱਦੇਨਜ਼ਰ ਮਰਹੂਮ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੰਥ ਰਤਨ ਅਤੇ ਫਖਰ-ਏ-ਕੌਮ ਦਾ ਸਨਮਾਨ ਵਾਪਸ ਲਿਆ ਜਾਵੇ। ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਅਕਾਲੀ ਦਲ ਸਿਰਫ ਸਿਆਸੀ ਪਾਰਟੀ ਨਹੀਂ ਸਗੋਂ ਇਹ ਸਿੱਖਾਂ ਦੀ ਕੌਮੀ ਜਥੇਬੰਦੀ ਹੈ ਜਿਸ ਦੀ ਇਸ ਖਿੱਤੇ ਵਿੱਚ ਸਰਦਾਰੀ ਹੋਣੀ ਚਾਹੀਦੀ ਹੈ। ਇਸ ਦੀ ਹੋਂਦ ਨਾਲ ਸਿੱਖਾਂ ਦਾ ਨਿਆਰਾਪਨ, ਸਿਆਸੀ ਆਵਾਜ਼ ਅਤੇ ਗੁਰੂ ਧਾਮਾਂ ਦੀ ਆਜ਼ਾਦੀ ਜੁੜੀ ਹੋਈ ਹੈ ਪਰ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਕੋਲੋਂ ਧਾਰਮਿਕ, ਸਿਆਸੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਵੱਡੀਆਂ ਗਲਤੀਆਂ ਹੋਈਆਂ ਹਨ ਜਿਸ ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਦੇ ਰੁਤਬੇ ਨੂੰ ਵੀ ਢਾਹ ਲੱਗੀ ਹੈ। ਇਸ ਵੇਲੇ ਹਰ ਸਿੱਖ ਸ਼੍ਰੋਮਣੀ ਅਕਾਲੀ ਦਲ ਦਾ ਉਭਾਰ ਦੇਖਣਾ ਚਾਹੁੰਦਾ ਹੈ, ਇਸ ਲਈ ਜ਼ਰੂਰੀ ਹੈ ਕਿ ਗਲਤੀਆਂ ਕਰਨ ਵਾਲਿਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।