ਸੈਂਪਲ ਫੇਲ੍ਹ ਹੋਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਰਵਾਈ ਮੰਗੀ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਰਾਜਪੁਰਾ/ ਦੇਵੀਗੜ੍ਹ, 6 ਜੁਲਾਈ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਸਬ ਸਟੈਂਡਰਡ ਡੀਏਪੀ ਖਾਦ ਬਣਾਉਣ ਵਾਲੀ ਕੰਪਨੀ ਦੇ ਮਾਲਕਾਂ ਅਤੇ ਸਬੰਧਤ ਸਰਕਾਰੀ ਅਫ਼ਸਰਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜਿਹੜੀਆਂ ਕੰਪਨੀਆਂ ਦੀਆਂ ਖਾਦਾਂ ਕੀਟਨਾਸ਼ਕ ਦਵਾਈਆਂ ਦੇ ਵਾਰ ਵਾਰ ਸੈਂਪਲ ਫ਼ੇਲ੍ਹ ਹੋ ਜਾਂਦੇ ਹਨ, ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇ। ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਅਗਵਾਈ ਵਿੱਚ ਬੀਤੀ ਚਾਰ ਜੁਲਾਈ ਨੂੰ ਕਿਸਾਨਾਂ ਦਾ ਇੱਕ ਵਫ਼ਦ ਖੇਤੀ ਵਿਭਾਗ ਦੇ ਡਾਇਰੈਕਟਰ ਨੂੰ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਮਿਲਿਆ ਸੀ। ਇਸ ਮੌਕੇ ਖੇਤੀ ਡਾਇਰੈਕਟਰ ਨੇ ਵਿਸ਼ਵਾਸ ਦਿਵਾਇਆ ਸੀ ਕਿ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਬੰਧਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਹਿਰੂ ਨੇ ਦੱਸਿਆ ਕਿ ਪਿਛਲੇ ਸਾਲ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸੈਂਪਲ ਭਰਨ ਦੀ ਚੱਲਦੀ ਪ੍ਰਤੀਕਿਰਿਆ ਨੂੰ ਖ਼ਤਮ ਕਰ ਕੇ ਚੱਲਦੀਆਂ ਫਿਰਦੀਆਂ ਮੋਬਾਈਲ ਲੈਬਾਰਟਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਵਫ਼ਦ ਵਿੱਚ ਗੁਰਮੇਲ ਸਿੰਘ ਬੋਸਰ,ਬਲਿਹਾਰ ਸਿੰਘ ਰੁੜਕੀ, ਦਲਜੀਤ ਸਿੰਘ ਸੰਧੂ ਹਾਜ਼ਰ ਸਨ।