ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਧਾਲੀਵਾਲ
ਸੁਖਦੇਵ ਸਿੰਘ
ਅਜਨਾਲਾ, 10 ਜਨਵਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਪੰਚਾਇਤ ਅਜਨਾਲਾ ਦੇ ਦੋ ਵਾਰਡਾਂ ਵਿੱਚੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅੱਜ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਸ਼ਹਿਰ ਦੀ ਪਿਛਲੇ ਕਈ ਦਹਾਕਿਆਂ ਤੋਂ ਵੱਡੀ ਸਿਰਦਰਦੀ ਬਣੀ ਹੋਈ ਟਰੈਫਿਕ ਸਮੱਸਿਆ ਦਾ ਜਲਦੀ ਹੱਲ ਕੱਢਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਦੇ ਹਰੇਕ ਖੇਤਰ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਵਿੱਚ ਸੜਕਾਂ ਦਾ ਜਾਲ, ਗਲੀਆਂ ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਪਰ ਇਸ ਦਾ ਸਹੀ ਫਾਇਦਾ ਤਾਂ ਹੀ ਹੈ ਜੇ ਸੜਕ ’ਤੇ ਆਵਾਜਾਈ ਨਿਰਵਿਘਨ ਚਲਦੀ ਰਹੇ। ਉਨ੍ਹਾਂ ਕਿਹਾ ਅਜਨਾਲਾ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਐੱਸਡੀਐੱਮ ਅਜਨਾਲਾ, ਡੀਐੱਸਪੀ ਅਜਨਾਲਾ ਅਤੇ ਈਓ ਅਜਨਾਲਾ ਪਹਿਲਾਂ ਸਾਰੇ ਦੁਕਾਨਦਾਰਾਂ ਨੂੰ ਅਨਾਉਂਸਮੈਂਟ ਕਰਕੇ ਨਾਜਾਇਜ਼ ਕਬਜ਼ਾ ਹਟਾਉਣ ਲਈ ਸੂਚਿਤ ਕਰਨਗੇ ਪਰ ਜੇਕਰ ਇਸ ਅਪੀਲ ਦਾ ਕੋਈ ਅਸਰ ਨਾ ਹੋਇਆ ਤਾਂ ਸੜਕਾਂ ਉੱਤੇ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਨਿੱਜੀ ਮੁਫਾਦਾਂ ਲਈ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਨਹੀਂ ਭੁਗਤਣ ਦਿੱਤਾ ਜਾਵੇਗਾ। ਇਸ ਮੌਕੇ ਐੱਸਡੀਐੱਮ ਅਜਨਾਲਾ ਰਵਿੰਦਰ ਸਿੰਘ ਅਰੋੜਾ, ਅਮਨਦੀਪ ਕੌਰ ਧਾਲੀਵਾਲ, ਪ੍ਰਧਾਨ ਜਸਪਾਲ ਸਿੰਘ ਢਿੱਲੋ, ਸ਼ਿਵਦੀਪ ਸਿੰਘ ਚਾਹਲ ਸਮੇਤ ਹੋਰ ਆਗੂ ਹਾਜ਼ਰ ਹੋਏ।