ਏਡੀਜੀਪੀ ਫਾਰੂਕੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹਤਿੰਦਰ ਮਹਿਤਾ
ਜਲੰਧਰ, 27 ਅਕਤੂਬਰ
ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕ-ਕਮ-ਏ.ਡੀ.ਜੀ.ਪੀ. ਐੱੰਮ.ਐੱਫ. ਫਾਰੂਕੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਤੋਂ 100 ਤੋਂ ਜ਼ਿਆਦਾ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਏ.ਡੀ.ਜੀ.ਪੀ. ਸ੍ਰੀ ਫਾਰੂਕੀ ਨੇ ਦੱਸਿਆ ਕਿ ਲੋਕਾਂ ਦੀਆਂ ਸਾਰੀਆਂ ਜਾਇਜ਼ ਅਤੇ ਮੁੱਖ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵਧੀਆ ਕੰਮ ਕਰਦਿਆਂ ਹੁਣ ਆਪਣਾ ਰੈਵਨਿਿਊ ਪੂਰਾ ਕਰਨ ਲਈ ਮਿਹਨਤ ਨਾਲ ਅੱਗੇ ਵਧ ਰਿਹਾ ਹੈ ਅਤੇ ਇਸ ਲਈ ਬੋਰਡ ਦੇ ਅਸਟੇਟ ਅਫ਼ਸਰ ਤੋਂ ਰੈਂਟ ਕੁਲੈਕਟਰ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਕਫ਼ ਬੋਰਡ ਦੀ ਜਾਇਦਾਦ ’ਤੇ ਕਬਜ਼ਾ ਕਰਕੇ ਬੈਠੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਕਾਨੂੰਨੀ ਤਰੀਕੇ ਨਾਲ ਪਤਾ ਕਰਵਾ ਕੇ ਵਕਫ਼ ਬੋਰਡ ਦੀ ਜਾਇਦਾਦ ਦਾ ਇਸਤੇਮਾਲ ਕਰਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਸਮੇਤ ਸਾਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਅਤੇ ਸਿਹਤ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਜਮੀਲ ਅਹਿਮਦ ਵੀ ਮੌਜੂਦ ਸਨ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਮੇਂ ਕਬਰਿਸਤਾਨਾਂ ਨੂੰ ਰਿਜ਼ਰਵ ਰੱਖਣਾ, ਮਸਜਿਦਾਂ ਦੇ ਵਿਕਾਸ, ਮਸਜਿਦਾਂ ਲਈ ਸਹਾਇਤਾ ਅਤੇ ਵਕਫ਼ ਬੋਰਡ ਦੀ ਪ੍ਰਾਪਰਟੀ ਸਬੰਧੀ ਕਾਨੂੰਨੀ ਕਾਰਵਾਈ ਸਮੇਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।