ਪਰਾਲੀ ਸਾੜਨ ਤੋਂ ਰੋਕਣ ਲਈ ਡਟੇ ਪ੍ਰਸ਼ਾਸਨਿਕ ਅਧਿਕਾਰੀ
ਮੁਕੰਦ ਸਿੰਘ ਚੀਮਾ
ਸੰਦੌੜ, 7 ਨਵੰਬਰ
ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਖੇਤਾਂ ਵਿੱਚ ਲੱਗੀ ਹੋਈ ਅੱਗ ਬੁਝਾਈ। ਐੱਸਡੀਐੱਮ ਹਰਬੰਸ ਸਿੰਘ ਅਤੇ ਡੀਐੱਸਪੀ ਕੁਲਦੀਪ ਸਿੰਘ ਵੱਲੋਂ ਸਬ-ਡਿਵੀਜ਼ਨ ਅਹਿਮਦਗੜ੍ਹ ਦੇ ਪਿੰਡ ਬਿਸ਼ਨਗੜ੍ਹ, ਝਨੇਰ, ਧਲੇਰ ਕਲਾਂ, ਫੌਜਵਾਲ ਅਤੇ ਫਰਵਾਲੀ ਆਦਿ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਦੇ ਖੇਤਾਂ ਵਿੱਚ ਹੀ ਨਿਪਟਾਰੇ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤਹਿਸੀਲਦਾਰ ਪ੍ਰਵੀਨ ਕੁਮਾਰ, ਐੱਸਐੱਚਓ ਯਾਦਵਿੰਦਰ ਸਿੰਘ ਸੰਦੌੜ, ਕਾਨੂੰਨਗੋ ਬਲਵਿੰਦਰ ਸਿੰਘ ਅਤੇ ਪਟਵਾਰੀ ਪਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਅਧਿਕਾਰੀਆਂ ਨੇ ਪਿੰਡ ਬਿਸ਼ਨਗੜ੍ਹ ਵਿੱਚ ਖੇਤਾਂ ਵਿੱਚ ਜਾ ਕੇ ਮੌਕੇ ’ਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਬੁਝਵਾਈ ਅਤੇ ਕਿਸਾਨ ਨੂੰ ਫ਼ਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਵਾਹ ਕੇ ਅਗਲੀ ਫ਼ਸਲ ਲਈ ਖੇਤ ਤਿਆਰ ਕਰਨ ਲਈ ਪ੍ਰੇਰਿਤ ਕੀਤਾ।
ਐੱਸਡੀਐੱਮ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਨਿਪਟਾਰਾ ਕਰਨ।