ਪ੍ਰਭਾਵਿਤ ਕਿਸਾਨਾਂ ਵੱਲੋਂ ਸਰਹਿੰਦ-ਸ਼ਹਿਣਾ ਐਕਸਪ੍ਰੈੱਸਵੇਅ ਪ੍ਰਾਜੈਕਟ ਰੱਦ ਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 11 ਸਤੰਬਰ
ਇੱਥੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇਕੱਤਰ ਹੋਏ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦੇ ਕੇ ਜ਼ਿਲ੍ਹੇ ਵਿੱਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਪ੍ਰਸਤਾਵਿਤ ਸਰਹਿੰਦ-ਸ਼ਹਿਣਾ ਐਕਸਪ੍ਰੈੱਸਵੇਅ ਨੂੰ ਰੱਦ ਕਰਨ ਦੀ ਮੰਗ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ ਅਤੇ ਮਾਨ ਸਿੰਘ ਸੱਦੋਪੁਰ ਨੇ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਤ 22 ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਵਿੱਚ ਭਾਰਤਮਾਲਾ ਪ੍ਰਾਜੈਕਟ ਤਹਿਤ ਸਰਹਿੰਦ-ਸ਼ਹਿਣਾ ਐਕਸਪ੍ਰੈੱਸਵੇਅ ਨਿਕਲ ਰਿਹਾ ਹੈ। ਇਸ ਪ੍ਰਾਜੈਕਟ ਤੋਂ ਪ੍ਰਭਾਵਿਤ ਕਿਸਾਨ ਪਿਛਲੇ ਦੋ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਐਕਸਪ੍ਰੈੱਸਵੇਅ ਨਾਲ ਸਬੰਧਤ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਲ ਗੇੜੇ ਮਾਰ ਰਹੇ ਹਨ ਪਰ ਮੰਗ ਪੱਤਰ ਦੇਣ ਦੇ ਬਾਵਜੂਦ ਨਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਨਾ ਹੀ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸੁਣਵਾਈ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੇ ਇਸ ਰਵੱਈਏ ਤੋਂ ਕਿਸਾਨ ਬੇਹੱਦ ਨਿਰਾਸ਼ ਹਨ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਚਮਕੌਰ ਸਿੰਘ ਹਥਨ, ਦੀਦਾਰ ਸਿੰਘ ਚੌਂਦਾ, ਅਵਤਾਰ ਸਿੰਘ ਜਲਾਲਾਬਾਦ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਡੀਸੀ ਵੱਲੋਂ ਹਾਈਵੇਅ ਅਥਾਰਿਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਭਰੋਸਾ
ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ 16 ਸਤੰਬਰ ਨੂੰ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ।