ਪੁਲੀਸ ਨਾਲ ਮੁਕਾਬਲੇ ਮਗਰੋਂ ਚੰਡੀਗੜ੍ਹ ’ਚ ਧਮਾਕਾ ਕਰਨ ਵਾਲੇ ਗ੍ਰਿਫ਼ਤਾਰ
ਟ੍ਰਿਬਿਊੁਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਚੰਡੀਗੜ੍ਹ ਪੁਲੀਸ ਨੇ ਸੈਕਟਰ-26 ਵਿੱਚ ਰੈਪਰ ਬਾਦਸ਼ਾਹ ਦੇ ਕਲੱਬ ਸਣੇ ਦੋ ਕਲੱਬਾਂ ਦੇ ਬਾਹਰ ਧਮਾਕਾ ਕਰਨ ਵਾਲੇ ਦੋਵਾਂ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਹਰਿਆਣਾ ਦੇ ਹਿਸਾਰ ਨੇੜੇ ਹੋਇਆ ਦੱਸਿਆ ਜਾਂਦਾ ਹੈ। ਮੁਲਜ਼ਮਾਂ ਦੀ ਪਛਾਣ ਅਜੀਤ ਅਤੇ ਵਿਨੈ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦੇ ਪੈਰਾਂ ’ਚ ਗੋਲੀਆਂ ਲੱਗਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪੁਲੀਸ ਦੇ ਕਿਸੇ ਵੀ ਅਧਿਕਾਰੀ ਵੱਲੋਂ ਕੁਝ ਕਹਿਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਰੈਪਰ ਬਾਦਸ਼ਾਹ ਦੇ ਕਲੱਬ ਸਣੇ ਦੋ ਕਲੱਬਾਂ ਦੇ ਬਾਹਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਕੋਈ ਵਸਤੂ ਸੁੱਟ ਕੇ ਫਰਾਰ ਹੋ ਗਏ ਸਨ। ਇਸ ਦੌਰਾਨ ਵੱਡਾ ਧਮਾਕਾ ਹੋਇਆ ਸੀ, ਜਿਸ ਕਰਕੇ ਦੋ ਕਲੱਬਾਂ ਦੇ ਸ਼ੀਸ਼ੇ ਟੁੱਟ ਗਏ ਸਨ। ਚੰਡੀਗੜ੍ਹ ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਮੁਲਜ਼ਮ ਏਅਰਪੋਰਟ ਰੋਡ ਰਾਹੀਂ ਫਰਾਰ ਹੋਏ ਸਨ।