For the best experience, open
https://m.punjabitribuneonline.com
on your mobile browser.
Advertisement

ਬੰਦੀ ਛੋੜ ਦਿਵਸ ਮਗਰੋਂ ਨਿਹੰਗ ਸਿੰਘਾਂ ਨੇ ਮਹੱਲਾ ਸਜਾਇਆ

10:15 AM Nov 03, 2024 IST
ਬੰਦੀ ਛੋੜ ਦਿਵਸ ਮਗਰੋਂ ਨਿਹੰਗ ਸਿੰਘਾਂ ਨੇ ਮਹੱਲਾ ਸਜਾਇਆ
ਸੁੰਦਰ ਸਜੇ ਹੋਏ ਹਾਥੀ, ਨੱਚਦੇ ਘੋੜੇ ਤੇ ਢੋਲ ਨਗਾਰੇ ਬਣੇ ਖਿੱਚ ਦਾ ਕੇਂਦਰ
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 2 ਨਵੰਬਰ
ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਅਰਦਾਸ ਕਰਨ ਮਗਰੋਂ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਮਹੱਲਾ ਸ਼ੁਰੂ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿੱਚ ਨਿਹੰਗ ਸਿੰਘਾਂ ਵੱਲੋਂ ਚੱਲੀ ਆਉਂਦੀ ਮਰਿਆਦਾ ਅਨੁਸਾਰ ਅਖੰਡ ਪਾਠਾਂ ਦੇ ਭੋਗ ਪਾਏ। ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਬੁੱਢਾ ਦਲ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਸਮੂਹ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਿਗਾਰਚੀਆਂ, ਚੋਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਮੱਲ ਅਖਾੜਾ ਸਾਹਿਬ ਤੋਂ ਮਹੱਲਾ ਆਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆਂ ਨੇ ਸਲਾਮੀ ਦਿੱਤੀ।
ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ਪੂਰਨ ਅਤੇ ਸ਼ਾਨਾਮਤਾ ਹੈ। ਉਨ੍ਹਾਂ ਕਿਹਾ ਕਿ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਗਈ ਹੈ। ਸਰਕਾਰਾਂ ਅੱਖਾਂ ਮੀਟਣ ਦੀ ਥਾਂ ਨਸ਼ਿਆਂ ਦੇ ਤਸਕਰਾਂ ਵਿਰੁੱਧ ਫੈਸਲਾਕੁਨ ਲੜਾਈ ਲੜਨ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਸੁੰਦਰ ਦੁਮਾਲਿਆਂ, ਖੰਡੇ, ਚੰਦ, ਗੁਰਜ, ਸ਼ਿੰਗਾਰ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ ਅਤੇ ਲੱਕ ਪਿੱਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀਂ, ਨੀਲਿਆਂ ਕੇਸਰੀ ਬਾਣਿਆਂ ਵਿੱਚ ਤਿਆਰ ਬਰ ਤਿਆਰ ਸਸ਼ਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ। ਮਹੱਲੇ ਦੇ ਅੱਗੇ ਅੱਗੇ ਗੱਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗੱਤਕਾ ਖਿਡਾਰੀਆਂ ਨੇ ਜੰਗਜ਼ੂ ਕਰਤੱਵ ਦੇ ਜੌਹਰ ਦਿਖਾਏ। ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫਲਾ ਸੁੰਦਰ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ, ਕਿਲ੍ਹਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿਖੇ ਵਾਜਿਆਂ ਗਾਜਿਆਂ ਸਣੇ ਪੁੱਜਿਆ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੰਗੀ ਕਰਤੱਵ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement