ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਲੁਧਿਆਣਾ ਪਹੁੰਚੇ ਜਾਖੜ
ਲੁਧਿਆਣਾ ਪਹੁੰਚਣ ’ਤੇ ਸੁਨੀਲ ਜਾਖੜ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ ਤੇ ਵਰਕਰ। -ਫੋਟੋ: ਹਿਮਾਂਸ਼ੂ ਮਹਾਜਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਜੁਲਾਈ
ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਪਹਿਲੀ ਵਾਰ ਲੁਧਿਆਣਾ ਪਹੁੰਚੇ। ਇਸ ਦੌਰਾਨ ਪਾਰਟੀ ਵਰਕਰਾਂ ਵੱਲੋਂ ਸ੍ਰੀ ਜਾਖੜ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜਾਖੜ ਨੇ ਪੰਜਾਬ ਸਰਕਾਰ ’ਤੇ ਹੜ੍ਹ ਪੀੜਤਾਂ ਨੂੰ ਰਾਹਤ ਨਾ ਦੇਣ ਦੇ ਦੋਸ਼ ਲਾਉਂਦਿਆਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਕੋਈ ਰਾਹਤ ਨਾ ਦਿੱਤੇ ਜਾਣਾ ਸਰਕਾਰ ਦੇ ਨਿਕੰਮੇਪਣ ਅਤੇ ਅਣਗਹਿਲੀ ਵਾਲੇ ਚਿਹਰੇ ਨੂੰ ਬੇਨਿਕਾਬ ਕਰਦਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਨਿਵਾਸਸੁਲੂ, ਪੰਜਾਬ ਭਾਜਪਾ ਦੇ ਸਹਿ ਇੰਚਾਰਜ ਰਵਿੰਦਰ ਰੈਨਾ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਵਿਕਰਮਜੀਤ ਸਿੰਘ ਚੀਮਾ, ਮੋਨਾ ਜੈਸਵਾਲ, ਅਨਿਲ ਸਰੀਨ ਅਤੇ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਕਈ ਆਗੂ ਹਾਜ਼ਰ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਜਾਖੜ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਦੀ ਲਾਪ੍ਰਵਾਹੀ ਨੇ ਭਾਰੀ ਮੀਂਹ ਦੀ ਕੁਦਰਤੀ ਆਫਤ ਨੂੰ ਹੋਰ ਜ਼ਿਆਦਾ ਵਧਾਇਆ ਹੈ ਜਿਸ ਨਾਲ ਹਜ਼ਾਰਾਂ ਕਿਸਾਨਾਂ ਅਤੇ ਆਮ ਲੋਕਾਂ ਦਾ ਕਰੋੜਾਂਦਾ ਮਾਲੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਕਈ ਕੀਮਤੀ ਜਾਨਾਂ ਵੀ ਅਜਾਈਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਤਿੰਨ ਕਰੋੜ ਪੰਜਾਬੀਆਂ ਪ੍ਰਤੀ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀ ਬਾਂਹ ਫੜਦੇ, ਜਨਿ੍ਹਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲੇ ਤੱਕ ਹੜ੍ਹ ਪੀੜਤਾਂ ਲਈ ਕਿਸੇ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ ਹੈ ਜਦਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਕੇਂਦਰ ਸਰਕਾਰ ਵੱਲੋਂ 218 ਕਰੋੜ 40 ਲੱਖ ਰੁਪਏ ਦਾ ਫੰਡ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਫਿਰੋਜ਼ਪੁਰ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਇੱਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ ਸ੍ਰੀ ਜਾਖੜ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਨਿ-ਰਾਤ ਇੱਕ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸੁਨੀਲ ਜਾਖੜ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੇਵਲ ਸਿੰਘ ਢਿੱਲੋਂ, ਸੁਭਾਸ਼ ਸ਼ਰਮਾ, ਵਰਿੰਦਰ ਕੌਰ, ਕੇ.ਡੀ. ਭੰਡਾਰੀ, ਦਿਆਲ ਸਿੰਘ ਸੋਢੀ, ਅਰਵਿੰਦ ਖੰਨਾ, ਹਰਜੋਤ ਕਮਲ, ਪਰਮਿੰਦਰ ਸਿੰਘ ਬਰਾੜ, ਸੁਰਜੀਤ ਜਿਆਣੀ, ਰਾਜ ਕੁਮਾਰ ਵੇਰਕਾ, ਮੁੱਖ ਬੁਲਾਰਾ ਅਨਿਲ ਸਰੀਨ, ਪ੍ਰਵੀਨ ਬਾਂਸਲ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ, ਮੰਡਲਾਂ ਦੇ ਪ੍ਰਧਾਨ, ਮੋਰਚਿਆਂ ਦੇ ਮੁਖੀ ਅਤੇ ਸੈੱਲਾਂ ਦੇ ਪ੍ਰਧਾਨ ਵੀ ਹਾਜ਼ਰ ਸਨ।