For the best experience, open
https://m.punjabitribuneonline.com
on your mobile browser.
Advertisement

ਬੱਚਿਆਂ ਦੀ ਲੜਾਈ ਮਗਰੋਂ ਗੋਲੀ ਚੱਲੀ; ਔਰਤ ਦੀ ਮੌਤ, ਦੋ ਜ਼ਖਮੀ

08:38 AM Aug 21, 2024 IST
ਬੱਚਿਆਂ ਦੀ ਲੜਾਈ ਮਗਰੋਂ ਗੋਲੀ ਚੱਲੀ  ਔਰਤ ਦੀ ਮੌਤ  ਦੋ ਜ਼ਖਮੀ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਅਗਸਤ
ਸਥਾਨਕ ਪਿੰਡ ਬਾਸਰਕੇ ਭੈਣੀ ਵਿਖੇ ਦੋ ਪਰਿਵਾਰਾਂ ਦੇ ਬੱਚਿਆਂ ਦੀ ਆਪਸੀ ਲੜਾਈ ਤੋਂ ਬਾਅਦ ਚੱਲੀ ਗੋਲੀ ਦੇ ਕਾਰਨ ਔਰਤ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਜਣੇ ਜ਼ਖਮੀ ਹਨ। ਇਨ੍ਹਾਂ ਵਿੱਚ ਬੱਚੀ ਵੀ ਸ਼ਾਮਿਲ ਹੈ। ਪੁਲੀਸ ਨੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਘਟਨਾ ਵਿੱਚ ਮ੍ਰਿਤਕ ਔਰਤ ਦੀ ਸ਼ਨਾਖਤ ਅਮਰਜੀਤ ਕੌਰ ਵਜੋਂ ਹੋਈ ਹੈ ਜਦੋਂ ਕਿ ਜ਼ਖਮੀਆਂ ਵਿੱਚ ਬਲਵਿੰਦਰ ਸਿੰਘ ਅਤੇ 10 ਸਾਲ ਦੀ ਬੱਚੀ ਸ਼ਾਮਿਲ ਹੈ। ਮਿਲੇ ਵੇਰਵੇ ਮੁਤਾਬਕ ਪਿੰਡ ਵਿੱਚ ਵੱਸਦੇ ਦੋ ਪਰਿਵਾਰਾਂ ਦੇ ਬੱਚਿਆਂ ਵਿਚਾਲੇ ਕੱਲ੍ਹ ਝਗੜਾ ਹੋਇਆ ਸੀ ਜੋ ਬਾਅਦ ਵਿੱਚ ਵਧ ਗਿਆ ਤੇ ਰਾਤ ਵੇਲੇ ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਨਾਲ ਤਿੰਨ ਵਿਅਕਤੀ ਜ਼ਖਮੀ ਹੋਏ। ਇਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਇਲਾਜ ਅਧੀਨ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਸ਼ਨਾਖਤ ਅਮਰਜੀਤ ਕੌਰ ਵਜੋਂ ਹੋਈ। ਪੀੜਤ ਪਰਿਵਾਰ ਵੱਲੋਂ ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੇ ਬੱਚੇ ਦਾ ਲਖਬੀਰ ਦੇ ਪੁੱਤਰ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਨੂੰ ਲੈ ਕੇ ਉਹ ਪਿਸਤੌਲ ਲੈ ਕੇ ਆ ਗਏ ਅਤੇ ਹਵਾ ਵਿੱਚ ਗੋਲੀਆਂ ਚਲਾਈਆਂ। ਉਨ੍ਹਾਂ ਉਸ ਦੀ ਪਿਸਤੌਲ ਖੋਹ ਲਈ ਤੇ ਆਪਣੇ ਘਰ ਲੈ ਆਏ। ਇਸ ਦੌਰਾਨ ਬਾਅਦ ਵਿੱਚ ਸ਼ੇਰਾ ਅਤੇ ਉਸ ਦੇ ਨਾਲ ਦਰਜਨ ਭਰ ਹੋਰ ਨੌਜਵਾਨ ਪਿਸਤੌਲਾਂ ਤੇ ਹਥਿਆਰਾਂ ਨਾਲ ਉਨ੍ਹਾਂ ਦੇ ਘਰ ਪੁੱਜੇ ਅਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਉਸ ਦਾ ਭਰਾ ਬਲਵਿੰਦਰ ਸਿੰਘ, ਭਰਜਾਈ ਅਮਰਜੀਤ ਕੌਰ ਅਤੇ 10 ਸਾਲ ਦੀ ਬੱਚੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਗੋਲੀਆਂ ਚਲਾਉਣ ਮਗਰੋਂ ਇਹ ਸਾਰੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਅਮਰਜੀਤ ਕੌਰ ਦੀ ਮੌਤ ਹੋ ਗਈ।
ਦੇਸਾ ਸਿੰਘ ਨੇ ਦੱਸਿਆ ਕਿ ਉਸ ਦੀ ਪੋਤਰੀ ਘਰ ਦੇ ਬਾਹਰ ਖੜ੍ਹੀ ਸੀ ਅਤੇ ਉਸ ਨੂੰ ਗੋਲੀ ਵੱਜੀ ਹੈ। ਉਹ ਇਸ ਵੇਲੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਹਮਲਾਵਰ ਧਿਰ ਨਸ਼ਿਆਂ ਦਾ ਕਾਰੋਬਾਰ ਕਰਦੀ ਹੈ ਅਤੇ ਉਸ ਦੇ ਖ਼ਿਲਾਫ਼ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ੇਰਾ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੀ ਹੈ। ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਪਰਿਵਾਰਾਂ ਦੇ ਬੱਚਿਆਂ ਵਿਚਾਲੇ ਆਪਸੀ ਝਗੜਾ ਹੋਇਆ ਸੀ ਅਤੇ ਉਸ ਤੋਂ ਬਾਅਦ ਦੇਰ ਸ਼ਾਮ ਨੂੰ ਸ਼ੇਰਾ ਤੇ ਉਸ ਦੇ ਸਾਥੀਆਂ ਨੇ ਸਿੱਧੀਆਂ ਗੋਲੀਆਂ ਚਲਾਈਆਂ ਜਿਸ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਇੱਕ ਔਰਤ ਦੀ ਮੌਤ ਹੋ ਗਈ ਹੈ। ਪੁਲੀਸ ਵੱਲੋਂ ਇਸ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement
Advertisement
Author Image

Advertisement
×