ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ Sukhbir Badal ਤੇ ਹੋਰ ਆਗੂ ਖਿਮਾ ਯਾਚਨਾ ਲਈ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਏ
ਅੰਮ੍ਰਿਤਸਰ, 13 ਦਸੰਬਰ
ਸ੍ਰੀ ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਅੱਜ ਇੱਥੇ ਖਿਮਾ ਯਾਚਨਾ ਦੀ ਅਰਦਾਸ ਵਾਸਤੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਘੱਤਿਆ ਗਿਆ ਹੈ।
ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਵਿਖੇ ਅਕਾਲੀ ਆਗੂਆਂ ਦੀ ਸਜ਼ਾ ਮੁਆਫ਼ੀ ਬਾਰੇ ਅਰਦਾਸ ਕੀਤੀ ਗਈ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਾਣੀਕੇ, ਬਲਵਿੰਦਰ ਸਿੰਘ ਭੂੰਦੜ ਤੇ ਅਕਾਲੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਤਨਖ਼ਾਹ ਮੁਕੰਮਲ ਕਰਨ ਤੋਂ ਬਾਅਦ ਇਹ ਸਮੂਹ ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ਦੀ ਫਸੀਲ ਦੇ ਸਨਮੁਖ ਪੁੱਜੇ। ਸੁਖਬੀਰ ਸਿੰਘ ਬਾਦਲ ਵੀਲ ਚੇਅਰ ’ਤੇ ਸਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਸਖ਼ਤ ਸੁਰੱਖਿਆ ਘੇਰਾ ਸੀ।
ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖ਼ਾਹ ਲਾਈ ਗਈ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਖਿਲਾਫ ਲਾਏ ਗਏ ਦੋਸ਼ਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਗਤ ਦੇ ਸਾਹਮਣੇ ਕਬੂਲ ਕੀਤਾ ਸੀ। ਅਕਾਲ ਤਖ਼ਤ ਵੱਲੋਂ ਲਾਈ ਗਈ ਤਨਖ਼ਾਹ ਦੌਰਾਨ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਵਜੋਂ ਸੇਵਾ ਕਰ ਰਹੇ ਸਨ ਤਾਂ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਉਨ੍ਹਾਂ ਤੇ ਗੋਲੀ ਚਲਾ ਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ:
Punjab News: ਸੁਖਬੀਰ ’ਤੇ ਗੋਲੀ ਚਲਾਉਣ ਦੀ ਸਾਜ਼ਿਸ਼ ਦਾ ਛੇਤੀ ਹੋਵੇਗਾ ਪਰਦਾਫਾਸ਼: ਮਾਨ
ਚੌੜਾ ਵੱਲੋਂ ਸੁਖਬੀਰ ’ਤੇ ਹਮਲਾ ਸਿੱਖਾਂ ਦੇ ਗੁੱਸੇ ਦਾ ਪ੍ਰਗਟਾਵਾ: ਮੰਡ
Attack on Sukhbir Badal-Video: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਇਸ ਤੋਂ ਬਾਅਦ ਉਨ੍ਹਾਂ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਮੁਕਤਸਰ ਸਾਹਿਬ ਵਿਖੇ ਦੋ-ਦੋ ਦਿਨ ਦੀ ਸੇਵਾ ਮੁਕੰਮਲ ਕੀਤੀ ਹੈ।