ਅੱਠ ਮਹੀਨਿਆਂ ਮਗਰੋਂ ਰਾਣਾ ਨੇ ਮੁੜ ਸੰਭਾਲਿਆ ਕੌਂਸਲ ਪ੍ਰਧਾਨ ਦਾ ਅਹੁਦਾ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 6 ਅਗਸਤ
ਕਾਂਗਰਸ ਪਾਰਟੀ ਨਾਲ ਸਬੰਧਤ ਜਤਿੰਦਰ ਪਾਲ ਰਾਣਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਅੱਠ ਮਹੀਨੇ ਬਾਅਦ ਅੱਜ ਮੁੜ ਨਗਰ ਕੌਂਸਲ ਜਗਰਾਉਂ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਹਵਨ ਕਰਵਾਇਆ ਗਿਆ। ਉਪਰੰਤ ਜਤਿੰਦਰ ਪਾਲ ਰਾਣਾ ਪ੍ਰਧਾਨ ਦੀ ਕੁਰਸੀ ’ਤੇ ਬੈਠੇ। ਮਮਤਾ ਆਸ਼ੂ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸੀਨੀਅਰ ਆਗੂ ਰਛਪਾਲ ਸਿੰਘ ਚੀਮਨਾ, ਪ੍ਰੀਤਮ ਸਿੰਘ ਅਖਾੜਾ, ਬਲਾਕ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਦਿਹਾਤੀ ਪ੍ਰਧਾਨ ਨਵਦੀਪ ਗਰੇਵਾਲ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ, ਯੂਥ ਪ੍ਰਧਾਨ ਮਨੀ ਗਰਗ ਸਮੇਤ ਹੋਰ ਕਾਂਗਰਸੀ ਆਗੂਆਂ, ਕੌਂਸਲਰਾਂ ਤੇ ਹਮਾਇਤੀਆਂ ਨੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਮਮਤਾ ਆਸ਼ੂ ਨੇ ਕਿਹਾ ਕਿ ਜਤਿੰਦਰਪਾਲ ਰਾਣਾ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਬਣਾਇਆ ਗਿਆ ਸੀ। ਹਾਈ ਕੋਰਟ ਨੇ ਮਾਮਲੇ ਨੂੰ ਤੈਅ ਤਕ ਜਾ ਕੇ ਘੋਖਣ ਉਪਰੰਤ ਸਹੀ ਫ਼ੈਸਲਾ ਦਿੱਤਾ। ਜਿਵੇਂ ਕਹਿੰਦੇ ਹਨ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ ਉਸੇ ਤਰ੍ਹਾਂ ਰਾਣਾ ਦੀ ਬਹਾਲੀ ਬਦੀ ’ਤੇ ਨੇਕੀ ਦੀ ਜਿੱਤ ਵਾਂਗ ਹੀ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫੋਨ ’ਤੇ ਪ੍ਰਧਾਨ ਰਾਣਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦਾ ਫ਼ੈਸਲਾ ਹਾਕਮ ਧਿਰ ਅਤੇ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਲਈ ਕਰਾਰਾ ਝਟਕਾ ਵੀ ਹੈ ਅਤੇ ਸਬਕ ਵੀ।