For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ਹਲਕੇ ਮੀਂਹ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

07:40 AM Feb 20, 2024 IST
ਪੰਜਾਬ ’ਚ ਹਲਕੇ ਮੀਂਹ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ
ਮਨਾਲੀ ਨੇੜੇ ਸੋਲਾਂਗ ਵਾਦੀ ’ਚ ਹੋ ਰਹੀ ਬਰਫਬਾਰੀ। -ਫੋਟੋ: ਪੀਟੀਆਈ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 19 ਫਰਵਰੀ
ਪੰਜਾਬ ਵਿੱਚ ਅੱਜ ਹਲਕੇ ਮੀਂਹ ਤੇ ਤੇਜ਼ ਹਵਾਵਾਂ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਡੇਰਾ ਬਾਬਾ ਨਾਨਕ ਵਿੱਚ ਸਰਹੱਦ ਨਾਲ ਲੱਗਦੇ ਅੱਧੀ ਦਰਜਨ ਪਿੰਡਾਂ ਅਤੇ ਪਟਿਆਲਾ ਸ਼ਹਿਰ ਵਿੱਚ ਕੁਝ ਸਮਾਂ ਗੜੇ ਵੀ ਪਏ ਹਨ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਤੇ ਆਲੇ-ਦੁਆਲੇ ਇਲਾਕੇ ਵਿੱਚ ਸ਼ਾਮ ਸਮੇਂ ਹਲਕਾ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ 20 ਤੇ 21 ਫਰਵਰੀ ਨੂੰ ਦਰਮਿਆਨਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੀਂਹ ਪੈਣ ਸਬੰਧੀ 20 ਫਰਵਰੀ ਨੂੰ ‘ਔਰੇਂਜ’ ਤੇ 21 ਫਰਵਰੀ ਲਈ ‘ਯੈਲੋ’ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ ਸਵੇਰ ਤੋਂ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਇਸ ਕਰ ਕੇ ਸਾਰਾ ਦਿਨ ਅਸਮਾਨ ਵਿੱਚ ਧੂੜ ਚੜ੍ਹੀ ਰਹੀ ਜਿਸ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਦੇ ਬਦਲੇ ਮਿਜ਼ਾਜ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦਾ ਲੁਧਿਆਣਾ ਸ਼ਹਿਰ ਸਭ ਤੋਂ ਠੰਢਾ ਰਿਹਾ ਹੈ ਜਿੱਥੇ ਘੱਟ ਤੋਂ ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

ਹਿਮਾਚਲ ਦੇ ਪਹਾੜੀ ਇਲਾਕਿਆਂ ’ਚ ਭਾਰੀ ਬਰਫ਼ਬਾਰੀ

ਸ਼ਿਮਲਾ/ਸ੍ਰੀਨਗਰ: ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ, ਕਿੰਨੌਰ ਅਤੇ ਕੁੱਲੂ ਦੇ ਉੱਚ ਪਹਾੜੀ ਇਲਾਕਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਨੇ ਅੱਜ ਬਹੁਤ ਜ਼ਿਆਦਾ ਮੀਂਹ/ਬਰਫ਼ਬਾਰੀ ਹੋਣ, ਬਿਜਲੀ ਡਿੱਗਣ, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰਦਿਆਂ ‘ਰੈੱਡ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੁਸੁਮਸੇਰੀ, ਕਿਲੌਂਗ ਅਤੇ ਹੰਸਾ ਵਿੱਚ ਕ੍ਰਮਵਾਰ 50.6 ਸੈਂਟੀਮੀਟਰ, 21 ਸੈਂਟੀਮੀਟਰ ਅਤੇ 10 ਸੈਂਟੀਮੀਟਰ ਬਰਫ਼ਬਾਰੀ ਹੋਈ ਜਦਕਿ ਕਿੰਨੌਰ ਜ਼ਿਲ੍ਹੇ ਦੇ ਕਾਲਪਾ ਵਿੱਚ 2 ਸੈਂਟੀਮੀਟਰ ਬਰਫ਼ਬਾਰੀ ਹੋਈ। ਰਿਪੋਰਟਾਂ ਮੁਤਾਬਕ ਅਟੱਲ ਸੁਰੰਗ ਦੇ ਦੱਖਣੀ ਹਿੱਸੇ ਸਮੇਤ ਕੁੱਲੂ ਦੇ ਪਹਾੜੀ ਇਲਾਕਿਆਂ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ ਅਤੇ ਮਨਾਲੀ ਤੋਂ ਅੱਗੇ ਆਵਾਜਾਈ ਰੋਕ ਦਿੱਤੀ ਗਈ ਹੈ। ਡਲਹੌਜੀ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਹੋਈ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਕੁੱਝ ਹਿੱਸਿਆਂ ਵਿੱਚ ਅੱਜ ਦੂਜੇ ਦਿਨ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪਿਆ। ਰਾਮਬਨ ਜ਼ਿਲ੍ਹੇ ਵਿੱਚ ਅੱਧੀ ਦਰਜਨ ਤੋਂ ਵੱਧ ਥਾਵਾਂ ’ਤੇ ਜ਼ਮੀਨ ਖਿਸਕਣ ਤੇ ਪਹਾੜਾਂ ਤੋਂ ਪੱਥਰ ਡਿੱਗਣ ਕਾਰਨ 270 ਕਿਲੋਮੀਟਰ ਲੰਮੇ ਸ੍ਰੀਨਗਰ-ਜੰਮੂ ਕੌਮੀ ਮਾਰਗ ਨੂੰ ਆਵਾਜਾਈ ਲਈ ਮੁੜ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡੋਡਾ ਜ਼ਿਲ੍ਹੇ ਦੇ ਭਦਰਵਾਹ ਦੇ ਉੱਚ ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਕਾਰਨ ਇਹਤਿਆਤ ਵਜੋਂ ਦੋ ਅੰਤਰ-ਰਾਜੀ ਮਾਰਗ ਵੀ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਮੌਸਮ ਵਿੱਚ ਸੁਧਾਰ ਹੋਣ ਤੱਕ ਹਾਈਵੇਅ ’ਤੇ ਸਫ਼ਰ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ। ਡਲਵਾਸ, ਮੇਹਦ-ਕੈਫੇਟੇਰੀਆ ਅਤੇ ਚਮਲਵਾਸ, ਸ਼ਾਲਗੜ੍ਹੀ ਅਤੇ ਗੰਗਰੂ ਵਿੱਚ ਢਿੱਗਾਂ ਡਿੱਗਣ ਕਾਰਨ ਸ੍ਰੀਨਗਰ-ਜੰਮੂ ਹਾਈਵੇਅ ’ਤੇ ਸਵੇਰੇ ਲਗਪਗ 9.30 ਵਜੇ ਆਵਾਜਾਈ ਬੰਦ ਕੀਤੀ ਗਈ। ਮੁੱਖ ਸੜਕ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੋਕਾਂ ਦੇ ਫਸਣ ਤੋਂ ਬਚਣ ਲਈ ਅਧਿਕਾਰੀਆਂ ਨੇ ਹਾਈਵੇਅ ’ਤੇ ਆਵਾਜਾਈ ਰੋਕ ਦਿੱਤੀ ਹੈ। ਮੁੱਖ ਮਾਰਗਾਂ ਦੇ ਅਚਾਨਕ ਬੰਦ ਹੋਣ ਕਾਰਨ ਸੈਂਕੜੇ ਸੈਲਾਨੀ ਫਸੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਘਾਟੀ ਵਿੱਚ ਅਗਲੇ 48 ਘੰਟਿਆਂ ਵਿੱਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਸਕੀਇੰਗ ਰਿਜ਼ੋਰਟ ਵਿੱਚ 24 ਘੰਟਿਆਂ ਵਿੱਚ ਕਰੀਬ 1.5 ਫੁੱਟ ਬਰਫ਼ਬਾਰੀ ਹੋਈ। ਘਾਟੀ ਦੇ ਕੁਪਵਾੜਾ, ਹੰਦਵਾੜਾ ਅਤੇ ਸੋਨਮਰਗ ਖੇਤਰਾਂ ਵਿੱਚ ਵੀ ਬਰਫ਼ਬਾਰੀ ਹੋਈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×