ਖੇਤੀਬਾੜੀ ਮੰਤਰੀ ਦੇ ਭਰੋਸੇ ਮਗਰੋਂ ਆੜ੍ਹਤੀਆਂ ਦੀ ਹੜਤਾਲ ਖ਼ਤਮ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਕਤੂਬਰ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਮਗਰੋਂ ਅੱਜ ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਖੇਤੀਬਾੜੀ ਮੰਤਰੀ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਨਾਲ ਅੱਜ ਇੱਥੇ ਕਿਸਾਨ ਭਵਨ ਵਿੱਚ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਵਿੱਚ ਆਏ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ। ਖੇਤੀ ਮੰਤਰੀ ਨੇ ਆੜ੍ਹਤੀਆਂ ਵੱਲੋਂ ਬਾਇਓਮੀਟਰਿਕ ਖ਼ਰੀਦ ਪ੍ਰਣਾਲੀ ਅਤੇ ਈਪੀਐੱਫ਼ ਸਬੰਧੀ ਉਠਾਏ ਮੁੱਦਿਆਂ ’ਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲਿਆਂ ਨੂੰ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਜਲਦੀ ਹੱਲ ਨਿਕਲ ਸਕੇ।
ਉਨ੍ਹਾਂ ਭਾਰਤੀ ਖ਼ੁਰਾਕ ਨਿਗਮ (ਐੱਫ਼.ਸੀ.ਆਈ.) ਦੇ ਚੰਡੀਗੜ੍ਹ ਵਿੱਚ ਤਾਇਨਾਤ ਡਿਪਟੀ ਜਨਰਲ ਮੈਨੇਜਰ (ਡੀਜੀਐੱਮ) ਅਲੋਕ ਕੁਮਾਰ ਨੂੰ ਦਸ ਦਿਨਾਂ ਦੇ ਅੰਦਰ ਇਨ੍ਹਾਂ ਮੁੱਦਿਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਨੇ ਸੂਬੇ ਵਿੱਚ ਬਾਇਓਮੀਟਰਿਕ ਖ਼ਰੀਦ ਪ੍ਰਣਾਲੀ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਬਾਰੇ ਖੇਤੀਬਾੜੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 876 ਮੰਡੀਆਂ ਨੂੰ ਇਸ ਪ੍ਰਣਾਲੀ ਲਈ ਚੁਣਿਆ ਗਿਆ ਹੈ।