ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਰੱਦ ਹੋਣ ਮਗਰੋਂ ਮਜ਼ਦੂਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਕਤੂਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨਾਲ ਅੱਜ ਹੋਣ ਵਾਲੀ ਮੀਟਿੰਗ ਰੱਦ ਹੋ ਗਈ ਹੈ। ਮੀਟਿੰਗ ਰੱਦ ਹੋਣ ਤੋਂ ਖਫ਼ਾ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਨੇ ਭਲਕੇ 23 ਤੋਂ 30 ਅਕਤੂਬਰ ਤੱਕ ਪਿੰਡਾਂ ’ਚ ਵੱਡੇ ਇਕੱਠ ਕਰਕੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਅਤੇ ਸੂਬਾ ਪ੍ਰੈਸ ਸਕੱਤਰ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਅਨ ਨਾਲ ਤੈਅ ਮੀਟਿੰਗ ਰੱਦ ਕਰਨ ਨਾਲ ਮਜ਼ਦੂਰਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਲੰਘੀ ਇੱਕ ਅਕਤੂਬਰ ਨੂੰ ਖੇਤ ਮਜ਼ਦੂਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਵੱਲ ਮਾਰਚ ਕੀਤਾ ਗਿਆ ਸੀ। ਉਸ ਦਿਨ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਨਾਲ 22 ਅਕਤੂਬਰ ਦੀ ਮੀਟਿੰਗ ਤੈਅ ਕਰਵਾਈ ਸੀ ਜਿਸ ਸਬੰਧੀ ਬਕਾਇਆ ਲਿਖਤੀ ਪੱਤਰ ਵੀ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਿਖਤੀ ਭਰੋਸਾ ਦੇਣ ਦੇ ਬਾਵਜੂਦ ਅੱਜ ਮੀਟਿੰਗ ਰੱਦ ਹੋ ਗਈ।