ਮੁੱਖ ਮੰਤਰੀ ਦੇ ਭਰੋਸੇ ਮਗਰੋਂ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
ਚਰਨਜੀਤ ਭੁੱਲਰ
ਚੰਡੀਗੜ੍ਹ, 7 ਅਕਤੂਬਰ
Commission agents call of strike ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਖ਼ਰੀ ਗੇੜ ਵਿੱਚ ਆੜ੍ਹਤੀਆਂ ਨੂੰ ਰਜ਼ਾਮੰਦ ਕੀਤੇ ਜਾਣ ਮਗਰੋਂ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਹੋ ਗਿਆ ਹੈ।
ਮੁੱਖ ਮੰਤਰੀ ਨਾਲ ਆੜ੍ਹਤੀਆਂ ਦੀ ਅੱਜ ਕਾਫ਼ੀ ਲੰਬੀ ਮੀਟਿੰਗ ਹੋਈ, ਜਿਸ ਵਿੱਚ ਮੁੱਖ ਮੰਤਰੀ ਨੇ ਆੜ੍ਹਤੀਆਂ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤਾ। ਆੜ੍ਹਤੀਆਂ ਨੇ ਅੱਜ ਹੜਤਾਲ ਖ਼ਤਮ ਕਰ ਕੇ ਭਲਕ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਆੜ੍ਹਤੀਆਂ ਨੇ ਪਹਿਲਾਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਮੰਗਲਵਾਰ ਤੋਂ ਮੰਡੀਆਂ ਨੂੰ ਤਾਲੇ ਲਾਉਣ ਦੀ ਚਿਤਾਵਨੀ ਦਿੱਤੀ ਸੀ।
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅੱਜ ਇੱਥੇ ਮੀਟਿੰਗ ਲਈ ਪੁੱਜੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਵਾਪਸ ਨਹੀਂ ਜਾਣਗੇ ਜਦੋਂ ਤੱਕ ਕਿ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੁੰਦੀ। ਅਜਿਹੇ ਮਾਹੌਲ ਵਿੱਚ ਡਿਪਟੀ ਕਮਿਸ਼ਨਰਾਂ ਨੇ ਫ਼ੌਰੀ ਮੰਡੀਆਂ ਵਿੱਚ ਜਾ ਕੇ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਸ਼ੈਲਰ ਮਾਲਕਾਂ ਨੇ ਪਹਿਲਾਂ ਹੀ ਆਪਣੀ ਹੜਤਾਲ ਵਾਪਸ ਲੈ ਲਈ ਸੀ।