ਕਿਸਾਨਾਂ ’ਤੇ ਲਾਠੀਚਾਰਜ ਮਗਰੋਂ ‘ਆਪ’ ਸਰਕਾਰ ਦੀ ਘੇਰਾਬੰਦੀ ਸ਼ੁਰੂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਨਵੰਬਰ
ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿੱਚ ਲੰਘੀ ਰਾਤ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਣ ਨਾਲ ਕਿਸਾਨ ਜਥੇਬੰਦੀਆਂ ਭੜਕ ਗਈਆਂ ਹਨ। ਉਨ੍ਹਾਂ ਨੇ ‘ਆਪ’ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ’ਤੇ ਜਬਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੋਰਚੇ ਦੇ ਆਗੂਆਂ ਨੇ ਸੂਬਾ ਸਰਕਾਰ ਤੋਂ ਪੰਜਾਬ ਦੀ ਬੇਲਗਾਮ ਹੋਈ ਅਫ਼ਸਰਸ਼ਾਹੀ ਨੂੰ ਨੱਥ ਪਾਉਣ ਦੀ ਮੰਗ ਵੀ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਬਲਦੇਵ ਸਿੰਘ ਨਿਹਾਲਗੜ੍ਹ, ਰਾਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ ਤੇ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਪਹਿਲਾਂ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਝੋਨਾ ਮੰਡੀਆਂ ਵਿੱਚ ਰੋਲਿਆ ਗਿਆ।
ਮਗਰੋਂ ਕਿਸਾਨਾਂ ਦੀਆਂ ਫ਼ਸਲਾਂ ’ਤੇ ਕੱਟ ਲਗਾਏ ਜਾ ਰਹੇ ਹਨ। ਜਦੋਂ ਕਿਸਾਨ ਇਸ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ ਤਾਂ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਲਾਠੀਚਾਰਜ ਤੇ ਪੁਲੀਸ ਕੇਸ ਦਰਜ ਕਰਕੇ ਦਬਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਦੇ ਅਜਿਹੇ ਹੱਥਕੰਡਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਰਕਾਰਾਂ ਕਿਸਾਨ ਘੋਲ ਦੀ ਜਿੱਤ ਨੂੰ ਸਹਿਣ ਨਹੀਂ ਕਰ ਰਹੀਆਂ: ਧਨੇਰ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਸੂਬਾ ਕਮੇਟੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੀ ਮੰਡੀ ਵਿੱਚ ਕਿਸਾਨਾਂ ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਹੈ। ਇਸ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਐਲਾਨ ਕੀਤਾ। ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਲੜੇ ਗਏ ਇਤਿਹਾਸਕ ਕਿਸਾਨ ਘੋਲ ਦੀ ਜਿੱਤ ਨਾਲ, ਕਿਸਾਨ ਜਥੇਬੰਦੀਆਂ ਦੇ ਬਣੇ ਹੋਏ ਮਾਣ-ਸਨਮਾਨ ਅਤੇ ਪੁੱਗਤ ਨੂੰ ਸਰਕਾਰਾਂ ਸਹਿਣ ਨਹੀਂ ਕਰ ਰਹੀਆਂ। ਇਸ ਨੂੰ ਰੋਲਣ ਲਈ ਹਰ ਹੀਲਾ ਵਰਤ ਰਹੀਆਂ ਹਨ।