For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਠੰਢੇ ਪਏ ਮੁਲਾਜ਼ਮ

08:07 AM May 08, 2024 IST
ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਠੰਢੇ ਪਏ ਮੁਲਾਜ਼ਮ
ਬਠਿੰਡਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦਿੰਦੇ ਹੋਏ ਮੁਲਾਜ਼ਮ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 7 ਮਈ
ਇੱਥੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਨਾਲ ਪੁਰਾਣੀ ਪੈਨਸ਼ਨ ਬਹਾਲੀ ਮੁੱਦੇ ’ਤੇ ਗੱਲਬਾਤ ਕੀਤੀ। ਮੁੱਖ ਮੰਤਰੀ ਵੱਲੋਂ ਇਸ ਮੁੱਦੇ ’ਤੇ ਹਾਂ-ਪੱਖੀ ਹੁੰਗਾਰਾ ਭਰਨ ਮਗਰੋਂ ਵਿਰੋਧ ਕਰਨ ਆਏ ਮੁਲਾਜ਼ਮਾਂ ਨੇ ਆਪਣਾ ਸੰਘਰਸ਼ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਇਥੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣ ਲਈ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਆਏ ਸਨ। ਮੁਲਾਜ਼ਮਾਂ ਦਾ ਇਸ ਪ੍ਰੋਗਰਾਮ ’ਚ ਕਾਲ਼ੀਆਂ ਝੰਡੀਆਂ ਵਿਖਾਉਣ ਦਾ ਪ੍ਰੋਗਰਾਮ ਸੀ ਪਰ ਪ੍ਰਸ਼ਾਸਨ ਵੱਲੋਂ ਵਫ਼ਦ ਦੀ ਮੁੱਖ ਮੰਤਰੀ ਨਾਲ ਗੱਲ ਕਰਾਉਣ ਦੀ ਪੇਸ਼ਕਸ਼ ਕੀਤੀ ਗਈ ਤੇ ਮੁਲਾਜ਼ਮਾਂ ਦੇ ਵਫ਼ਦ ਨੂੰ ਉਸ ਹੋਟਲ ਲਿਜਾਇਆ ਗਿਆ ਜਿੱਥੇ ਮੁੱਖ ਮੰਤਰੀ ਠਹਿਰੇ ਸਨ ਅਤੇ ਇਥੇ ਹੀ ਉਨ੍ਹਾਂ ਦੀ ਮੀਟਿੰਗ ਕਰਵਾਈ ਗਈ।
ਇਸ ਦੌਰਾਨ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਬਹੁਤ ਜਲਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਨੂੰ ਪਹਿਲਾਂ ਹੀ ਲਾਗੂ ਕਰ ਦਿੱਤਾ ਜਾਣਾ ਸੀ ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦਾ 20 ਹਜ਼ਾਰ ਕਰੋੜ ਮੋੜਨ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਭਾਰਤ ਵਿੱਚ ‘ਇੰਡੀਆ’ ਗੱਠਜੋੜ ਸਰਕਾਰ ਬਣਨ ਜਾ ਰਹੀ ਹੈ ਅਤੇ ਸਰਕਾਰ ਬਣਨ ’ਤੇ ਪੂਰੇ ਦੇਸ਼ ਵਿੱਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ।
ਆਗੂਆਂ ਵੱਲੋਂ ਭਾਜਪਾ ਸਰਕਾਰ ਬਣਨ ’ਤੇ ਖ਼ਦਸ਼ਾ ਪ੍ਰਗਟਾਏ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਫਿਰ ਹਿਮਾਚਲ ਪ੍ਰਦੇਸ਼ ਦੀ ਤਰਜ਼ ’ਤੇ ਤੁਰੰਤ ਮਸਲੇ ਹੱਲ ਕੀਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਨੇ ਵਫ਼ਦ ਤੋਂ ਮੰਗ ਪੱਤਰ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 4 ਜੂਨ ਤੋਂ ਬਾਅਦ ਇਨ੍ਹਾਂ ਜਥੇਬੰਦੀਆਂ ਨੂੰ ਚੰਡੀਗੜ੍ਹ ਬੁਲਾਇਆ ਜਾਵੇ ਤਾਂ ਕਿ ਪੈਨਸ਼ਨ ਦੇ ਮਾਮਲੇ ’ਤੇ ਠੋਸ ਫ਼ੈਸਲਾ ਲਿਆ ਜਾ ਸਕੇ। ਭਰੋਸਾ ਮਿਲਣ ’ਤੇ ਜਥੇਬੰਦੀ ਵੱਲੋਂ ਆਪਣੇ ਪ੍ਰੋਗਰਾਮ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ।
ਇਸ ਮੌਕੇ ਮੁਲਾਜ਼ਮ ਆਗੂ ਜਗਸੀਰ ਸਿੰਘ ਸਹੋਤਾ, ਜਗਪਾਲ ਬੰਗੀ, ਰਾਜਵੀਰ ਸਿੰਘ ਮਾਨ, ਦਵਿੰਦਰ ਡਿੱਖ, ਸਪਿੰਦਰ ਬਰਾੜ, ਮਨਜੀਤ ਸਿੰਘ ਬਾਜਕ, ਨਰਿੰਦਰ ਸਿੰਘ ਬੱਲੂਆਣਾ, ਇਕਬਾਲ ਸਿੰਘ, ਜਗਦੀਸ਼ ਸਿੰਘ ਜੱਗੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×