Punjab News: ਮੰਤਰੀ ਦੇ ਭਰੋਸੇ ਮਗਰੋਂ ਅਧਿਆਪਕਾਂ ਨੂੰ ਰੈਗੂਲਰ ਹੋਣ ਦੀ ਆਸ ਬੱਝੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
Punjab News: ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਆਸ ਬੱਝ ਗਈ ਹੈ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੂੰ ਭਰੋਸਾ ਦੇ ਦਿੱਤਾ ਹੈ। ਜਥੇਬੰਦੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰ ਕੇ ਆਪਣੀਆਂ ਮੰਗਾਂ ਸਬੰਧੀ ਚਰਚਾ ਕੀਤੀ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਨਾਲ ਬਹੁਤ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਨੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਕੀਤੀ। ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਜਲਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾ ਰਿਹਾ ਹੈ।
ਯੂਨੀਅਨ ਦੇ ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਪਿਛਲੇ ਸਾਲਾਂ ਦੇ ਰੁਕੇ ਹੋਏ ਸਾਲਾਨਾ ਵਾਧਿਆਂ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਿਰਫ਼ 2326 ਰੁਪਏ ਦਾ ਵਾਧਾ ਹੋਇਆ ਹੈ। ਇਸ ਬਾਰੇ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਰੁਕੇ ਹੋਏ ਸਾਲਾਨਾ ਵਾਧੇ ਜਲਦੀ ਜਾਰੀ ਕੀਤੇ ਜਾਣਗੇ ਅਤੇ ਨਾਲ ਹੀ ਸਕੂਲਾਂ ਵਿੱਚ ਤਨਦੇਹੀ ਨਾਲ ਕੰਮ ਕਰਨ ਸਬੰਧੀ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸ਼ਾਬਾਸ਼ ਦਿੱਤੀ।