ਪੁਲੀਸ ਰਿਮਾਂਡ ਖਤਮ ਹੋਣ ਮਗਰੋਂ ਪ੍ਰਦੀਪ ਕਲੇਰ ਨੂੰ ਜੇਲ੍ਹ ਭੇਜਿਆ
ਜਸਵੰਤ ਜੱਸ
ਫਰੀਦਕੋਟ, 16 ਫਰਵਰੀ
ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਦਾ ਛੇ ਰੋਜ਼ਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਪ੍ਰਦੀਪ ਕਲੇਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਪ੍ਰਦੀਪ ਕਲੇਰ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਨੇ 9 ਫਰਵਰੀ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਪ੍ਰਦੀਪ ਕਲੇਰ ਦੀ ਪੁੱਛ ਪੜਤਾਲ ਤੋਂ ਬਾਅਦ ਵੀ ਵਿਸ਼ੇਸ਼ ਜਾਂਚ ਟੀਮ ਦੋ ਹੋਰ ਲੋੜੀਂਦੇ ਡੇਰਾ ਪ੍ਰੇਮੀ ਸੰਦੀਪ ਬਰੇਟਾ ਅਤੇ ਹਰਸ਼ ਧੁਰੀ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਸੂਤਰਾਂ ਅਨੁਸਾਰ ਵਿਸ਼ੇਸ਼ ਜਾਂਚ ਟੀਮ ਬਹੁਤ ਜਲਦ ਪ੍ਰਦੀਪ ਕਲੇਰ ਖ਼ਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ। ਹਾਲਾਂਕਿ ਸੁਪਰੀਮ ਕੋਰਟ ਦੇ ਹੁਕਮ ਮੁਤਾਬਿਕ ਡੇਰਾ ਪ੍ਰੇਮੀਆਂ ਖ਼ਿਲਾਫ਼ ਬੇਅਦਬੀ ਦੇ ਦਰਜ ਹੋਏ ਪਰਚਿਆਂ ਦੀ ਸੁਣਵਾਈ ਚੰਡੀਗੜ੍ਹ ਵਿੱਚ ਹੋਣੀ ਹੈ। ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਹੋਣ ਤੋਂ ਬਾਅਦ ਇਹ ਕੇਸ ਸੁਣਵਾਈ ਲਈ ਚੰਡੀਗੜ੍ਹ ਤਬਦੀਲ ਹੋ ਜਾਵੇਗਾ।