ਖਨੌਰੀ ਬਾਰਡਰ ’ਤੇ ਹਿੰਸਕ ਝੜਪ ਮਗਰੋਂ ਮਾਹੌਲ ਤਣਾਅਪੂਰਨ
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 13 ਫਰਵਰੀ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੱਦੇ ’ਤੇ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਦੌਰਾਨ ਖਨੌਰੀ ਨੇੜੇ ਪੰਜਾਬ-ਹਰਿਆਣਾ ਬਾਰਡਰ ’ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਵਿਚਕਾਰ ਹਿੰਸਕ ਝੜਪਾਂ ਹੋਈਆਂ ਜਿਸ ਦੌਰਾਨ ਬਾਅਦ ਦੁਪਹਿਰ ਤੋਂ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉਪਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ। ਦੋਵੇਂ ਧਿਰਾਂ ਵਲੋਂ ਇੱਕ ਦੂਜੇ ਉਪਰ ਪੱਥਰਬਾਜ਼ੀ ਵੀ ਕੀਤੀ ਗਈ। ਇਸ ਝੜਪ ਦੌਰਾਨ ਕਰੀਬ ਅੱਧੀ ਦਰਜਨ ਕਿਸਾਨ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਅੱਧੀ ਦਰਜਨ ਕਿਸਾਨਾਂ ਨੂੰ ਹਰਿਆਣਾ ਪੁਲੀਸ ਨੇ ਹਿਰਾਸਤ ’ਚ ਵੀ ਲਿਆ ਹੈ।
ਭਾਵੇਂ ਅੱਜ ਦੁਪਹਿਰ ਮਹਿਲਾਂ ਚੌਕ ਅਨਾਜ ਮੰਡੀ ਤੋਂ ਸੈਂਕੜੇ ਟਰਾਲੀਆਂ ਦਾ ਕਾਫ਼ਲਾ ਖਨੌਰੀ ਬਾਰਡਰ ਲਈ ਰਵਾਨਾ ਹੋਇਆ ਸੀ ਪਰ ਉਸ ਤੋਂ ਪਹਿਲਾਂ ਹੀ ਖਨੌਰੀ ਇਲਾਕੇ ਦੇ ਸੈਂਕੜੇ ਕਿਸਾਨ ਪੰਜਾਬ-ਹਰਿਆਣਾ ਬਾਰਡਰ ’ਤੇ ਪੁੱਜ ਗਏ ਜਿਨ੍ਹਾਂ ਨੇ ਬਾਰਡਰ ’ਤੇ ਹਰਿਆਣਾ ਪੁਲੀਸ ਵੱਲੋਂ ਪੰਜਾਬ ਵੱਲ ਲਾਈਆਂ ਰੋਕਾਂ ਉਖਾੜ ਦਿੱਤੀਆਂ ਅਤੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲੀਸ ਵੱਲੋਂ ਕਿਸਾਨਾਂ ਉਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਕਰੀਬ 15 ਤੋਂ 20 ਵਾਰ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉਪਰ ਹਮਲੇ ਕੀਤੇ ਗਏ। ਕਈ ਕਿਸਾਨਾਂ ਨੇ ਹਾਈਵੇਅ ਦੀ ਬਜਾਏ ਖੇਤਾਂ ’ਚੋਂ ਹੁੰਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਵਲੋਂ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਜਾਂਦੇ ਰਹੇ।
ਬਾਰਡਰ ’ਤੇ ਝੜਪ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਸੰਗਰੂਰ ਦੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਕਈ ਪੁਲੀਸ ਅਧਿਕਾਰੀਆਂ ਅਤੇ ਫੋਰਸ ਸਮੇਤ ਮੌਕੇ ’ਤੇ ਪੁੱਜੇ ਹੋਏ ਸਨ। ਹਰਿਆਣਾ ਦੀ ਹੱਦ ਨਾਲ ਲੱਗਦੇ ਜ਼ਿਲ੍ਹਾ ਸੰਗਰੂਰ ਦੇ ਖਨੌਰੀ, ਮੂਨਕ ਅਤੇ ਲਹਿਰਾਗਾਗਾ ’ਚ ਇੰਟਰਨੈਟ ਸੇਵਾਵਾਂ ਬੰਦ ਹਨ।
ਢਾਬੀ ਗੁਜਰਾਂ ਨੇੜੇ ਤਿੰਨ ਕਿਸਾਨ ਜ਼ਖ਼ਮੀ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਇੱਥੇ ਅੱਜ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ ’ਤੇ ਦਿੱਲੀ ਜਾ ਰਹੇ ਕਿਸਾਨਾਂ ਨੇ ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਪਿੰਡ ਢਾਬੀ ਗੁਜਰਾਂ ਨੇੜੇ ਪੰਜਾਬ-ਹਰਿਆਣਾ ਸਰਹੱਦ ’ਤੇ ਲਾਈਆਂ ਗਈਆਂ ਰੋਕਾਂ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਹਰਿਆਣਾ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਦੇ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਕੇਂਦਰੀ ਰਿਜ਼ਰਵ ਪੁਲੀਸ ਦੇ ਜਵਾਨਾਂ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ ਜਿਸ ਕਾਰਨ ਤਿੰਨ ਕਿਸਾਨ ਜ਼ਖ਼ਮੀ ਹੋ ਗਏ। ਇਸ ਦੌਰਾਨ ਦੋ ਪੱਤਰਕਾਰਾਂ ਦੇ ਜ਼ਖ਼ਮੀ ਹੋਣ ਦੀ ਵੀ ਸੂਚਨਾ ਹੈ।