ਦੋ ਸਾਲਾਂ ਬਾਅਦ ਮੁੜ ਸਰਗਰਮ ਦਿਖਾਈ ਦਿੱਤੇ ਕੈਪਟਨ ਅਮਰਿੰਦਰ, ਖੰਨਾ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ
ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਅਕਤੂਬਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਲੰਬੀ ਚੁੱਪ ਉਪਰੰਤ ਅੱਜ ਉਦੋਂ ਮੁੜ ਸਰਗਰਮ ਦੇਖੇ ਗਏ ਜਦੋਂ ਸ਼ੁੱਕਰਵਾਰ ਸਵੇਰੇ ਉਹ ਏਸ਼ੀਆ ਦੀ ਸਭ ਤੋਂ ਵੱਡੀ ਖੰਨਾ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਪੁੱਜੇ। ਕੈਪਟਨ ਦੀ ਇਹ ਸਰਗਰਮੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਪਹਿਲੀ ਵਾਰ ਨਜ਼ਰ ਆਈ।
ਇਸ ਮੌਕੇ ਉਨ੍ਹਾਂ ਨਾਲ ਫ਼ਤਹਿ ਸਿੰਘ ਬਾਜਵਾ, ਬੀਬੀ ਜੈਇੰਦਰ ਕੌਰ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭੱਟੀ, ਇਕਬਾਲ ਸਿੰਘ ਚੰਨੀ, ਹਰਸਿਮਰਤ ਸਿੰਘ ਰਿਚੀ, ਅਮਰਿੰਦਰ ਢੀਂਡਸਾ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ। ਇਸ ਮੌਕੇ ਕੈਪਟਨ ਨੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਡੀਆਂ ਵਿਚ ਮੰਡੀ ਵਿੱਚ ਲੱਗੇ ਝੋਨੇ ਦੇ ਅੰਬਾਰਾਂ ਨੂੰ ਦੇਖਿਆ ਅਤੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਅਤੇ ਵੱਖ ਵੱਖ ਮਜ਼ਦੂਰ ਜੱਥੇਬੰਦੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 44 ਹਜ਼ਾਰ ਕਰੋੜ ਰੁਪਏ ਝੋਨੇ ਦੀ ਖਰੀਦ ਲਈ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਸਹੀ ਢੰਗ ਨਾਲ ਅਦਾਇਗੀ ਨਹੀਂ ਕੀਤੀ ਨਹੀਂ।
ਕੈਪਟਨ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਹ ਪਿਛਲੇ 10 ਦਿਨਾਂ ਤੋਂ ਮੰਡੀ ਵਿਚ ਆਪਣੀ ਫਸਲ ਲੈ ਕੇ ਰੁਲ ਰਹੇ ਹਨ ਪਰ ਉਨ੍ਹਾਂ ਦੇ ਝੋਨੇ ਦੀ ਖਰੀਦ ਉਪਰੰਤ ਲਿਫਟਿੰਗ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂ ਜਸਵੰਤ ਸਿੰਘ ਬੀਜਾ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵਿਚ ਨਮੀ ਦੀ ਵੱਧ ਮਾਤਰਾ ਆਖ ਕੇ ਲੰਬਾ ਸਮਾਂ ਮੰਡੀਆਂ ਵਿਚ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਕਿਸਾਨ ਪੱਖੀਂ ਰਹੀ ਹੈ ਅਤੇ ਕਈ ਕਿਸਾਨਾਂ ਦੇ ਅਹਿਮ ਮਸਲਿਆਂ ਨੂੰ ਹੱਲ ਕੀਤਾ ਹੈ, ਬਾਕੀ ਰਹਿੰਦੇ ਮਸਲੇ ਵੀ ਜਲਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਹੱਲ ਕੀਤੇ ਜਾਣਗੇ।