ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਕਿਸਾਨਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ
ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਪੈਟਰੋਲ ’ਤੇ ਵੈਟ ਵਿਚ 61 ਪੈਸੇ ਅਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰਨ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫ਼ੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਪ੍ਰੀਤ ਨਾਨੋਵਾਲ, ਗੁਰਮੁਖ ਸਿੰਘ, ਨਿਸ਼ਾਨ ਸਿੰਘ ਨੇ ਕਿਹਾ ਕਿ 2022 ਵਿੱਚ ਪਿਛਲੀ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੂੰ ਪ੍ਰਤੀ ਯੂਨਿਟ 3 ਰੁਪਏ ਦੀ ਸਬਸਿਡੀ ਦਿੱਤੀ ਗਈ ਸੀ ਜਿਸ ਨੂੰ ਕੱਲ੍ਹ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਮਾੜੀ ਨੀਤੀ ਤਹਿਤ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।
ਇਸ ਮੌਕੇ ਆਗੂਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ ਨਾਲ ਢੋਆ ਢੁਆਈ ਦੇ ਰੇਟਾਂ ਵਿੱਚ ਵਾਧਾ ਹੋਣ ਕਾਰਨ ਖਾਣ ਪੀਣ ਦੀਆਂ ਚੀਜ਼ਾਂ ਤੋਂ ਲੈ ਕੇ ਆਮ ਵਰਤੋਂ ਦਾ ਹਰ ਸਮਾਨ ਮਹਿੰਗਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਦਮ ਨੂੰ ਸਰਕਾਰ ਦੀ ਕਮਾਈ ਵਧਾਉਣ ਵਾਲਾ ਦੱਸ ਰਹੀ ਹੈ ਜੋ ਕਿ ਅਸਲ ਵਿਚ ਮਹਿੰਗਾਈ ਵਧਾਉਣ ਵਾਲੀ ਕਾਰਵਾਈ ਹੈ।
ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਇਸ ਵਾਧੇ ਨੂੰ ਵਾਪਸ ਲਵੇ ਨਹੀਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵੀ ਵਿੱਢਿਆ ਜਾਵੇਗਾ। ਇਸ ਮੌਕੇ ਹਰਚਰਨ ਸਿੰਘ, ਸਤਨਾਮ ਸਿੰਘ, ਅਨੂਪ ਸਿੰਘ, ਰਣਜੀਤ ਸਿੰਘ ਚੰਦਰਭਾਨ, ਕੈਪਟਨ ਸ਼ਮਿੰਦਰ ਸਿੰਘ, ਰਣਜੀਤ ਸਿੰਘ, ਭਗਤ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਬੁੱਢਾ ਕੋਟ ਅਤੇ ਹੋਰ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।